Breaking News
Home / ਭਾਰਤ / ਨਸ਼ਾ ਵਿਰੋਧੀ ਮੁਹਿੰਮ ਦੇ ਚੰਗੇ ਨਤੀਜੇ ਨਿਕਲਣ ਲੱਗੇ : ਕੈਪਟਨ ਅਮਰਿੰਦਰ

ਨਸ਼ਾ ਵਿਰੋਧੀ ਮੁਹਿੰਮ ਦੇ ਚੰਗੇ ਨਤੀਜੇ ਨਿਕਲਣ ਲੱਗੇ : ਕੈਪਟਨ ਅਮਰਿੰਦਰ

181 ਨੰਬਰ ਹੈਲਪਲਾਈਨ ‘ਤੇ ਮਿਲੀਆਂ 240 ਸੂਹਾਂ, ਪੰਜ ਸੌ ਮੁਲਜ਼ਮ ਕੀਤੇ ਗਏ ਗ੍ਰਿਫ਼ਤਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਪੁਲਿਸ ਨੂੰ 181 ਨੰਬਰ ਹੈਲਪਲਾਈਨ ‘ਤੇ ਦੋ ਦਿਨਾਂ ਵਿੱਚ ਨਸ਼ਿਆਂ ਦੇ ਸਬੰਧ ਵਿੱਚ 240 ਸੂਹਾਂ ਮਿਲੀਆਂ। ਇਸ ਸਬੰਧੀ ਤਕਰੀਬਨ 500 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੱਲਬਾਤ ਦੌਰਾਨ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਦੇ ਚੰਗੇ ਨਤੀਜੇ ਨਿਕਲਣ ਲੱਗੇ ਹਨ ਅਤੇ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਹਰਪ੍ਰੀਤ ਸਿੰਘ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਇਸ ਮੁਹਿੰਮ ਨੂੰ ਹੁਲਾਰਾ ਮਿਲੇਗਾ। ਬਾਦਲ ਸਰਕਾਰ ਦੇ ਸ਼ਾਸਨ ਦੌਰਾਨ ਨਕਾਰਾ ਕੀਤੀ ਚੌਵੀ ਘੰਟੇ ਚੱਲਣ ਵਾਲੀ ਹੈਲਪਲਾਈਨ ਦੇ ਸਫ਼ਲਤਾਪੂਰਨ ਮੁੜ ਸ਼ੁਰੂ ਹੋਣ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਪੁਲਿਸ ਤੇ ਖ਼ੁਫ਼ੀਆ ਏਜੰਸੀਆਂ ਨੂੰ ਆਉਂਦੇ ਦਿਨਾਂ ਦੌਰਾਨ ਨਸ਼ਿਆਂ ਵਿਰੁੱਧ ਮੁਹਿੰਮ ਹੋਰ ਤੇਜ਼ ਕਰਨ ਅਤੇ ਇਸ ਸਬੰਧੀ ਆਮ ਲੋਕਾਂ ਦੀ ਮਦਦ ਲੈਣ ਲਈ ਨਿਰਦੇਸ਼ ਦਿੱਤੇ ਹਨ ਤਾਂ ਜੋ ਸੂਬੇ ਵਿੱਚੋਂ ਚਾਰ ਹਫ਼ਤਿਆਂ ਵਿੱਚ ਨਸ਼ਿਆਂ ਦਾ ਸਫ਼ਾਇਆ ਕਰਨ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ। ਸਰਕਾਰ ਨੇ ਭਰੋਸਾ ਦਿਵਾਇਆ ਸੀ ਕਿ ਨਸ਼ਿਆਂ ਵਿਰੁੱਧ ਸੂਹ ਦੇਣ ਵਾਲੇ ਦੀ ਸ਼ਨਾਖਤ ਗੁਪਤ ਰੱਖੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰੇਕ ਸੂਹ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਇਸ ਦੀ ਪੁਸ਼ਟੀ ਤੋਂ ਬਾਅਦ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਸੂਹਾਂ ਨਸ਼ਿਆਂ ਦੀ ਵਿਕਰੀ ਵਾਲੇ ਅੱਡਿਆਂ ਅਤੇ ਨਸ਼ੇ ਦੇ ਵਪਾਰ ਵਿੱਚ ਸ਼ਾਮਲ ਲੋਕਾਂ ਬਾਰੇ ਮਿਲ ਰਹੀਆਂ ਹਨ। ਉਨ੍ਹਾਂ ਦੁਹਰਾਇਆ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੱਗੀ ਪੁਲਿਸ ਤੇ ਹੋਰ ਏਜੰਸੀਆਂ ਵੱਲੋਂ ਨਸ਼ੇ ਦੀ ਵਰਤੋਂ ਕਰਨ ਵਾਲਿਆਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਵੀਆਈਪੀਜ ਦੀ ਸੁਰੱਖਿਆ ਦੇ ਸਵਾਲ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਦਾ ਕੰਮ ਲੋਕਾਂ ਦੀ ਸੁਰੱਖਿਆ ਕਰਨਾ ਹੈ ਅਤੇ ਇਹ ਸਿਆਸੀ ਆਗੂਆਂ ਦੇ ਰੁਤਬੇ ਦੇ ਚਿੰਨ੍ਹ ਲਈ ਨਹੀਂ ਹੈ। ਨਸ਼ਿਆਂ ਦੇ ਸਬੰਧ ਵਿੱਚ ਅੰਕੜੇ ਮੁਹੱਈਆ ਕਰਵਾਉਂਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ 16 ਤੋਂ 29 ਮਾਰਚ ਤੱਕ ਨਸ਼ੇ ਦੇ 497 ਵਪਾਰੀਆਂ ਅਤੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂ ਕਿ ਐਨਡੀਪੀਐਸ ਐਕਟ ਤਹਿਤ 449 ਕੇਸ ਦਰਜ ਕੀਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਨਸ਼ਿਆਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਕੋਲੋਂ 4.034 ਕਿਲੋ ਹੈਰੋਇਨ ਤੇ 0.605 ਕਿਲੋ ਸਮੈਕ ਬਰਾਮਦ ਕੀਤੀ ਗਈ।
ਸਰਹੱਦ ਪਾਰੋਂ ਤਸਕਰੀ ਰੋਕਣ ਲਈ ਯਤਨ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਰਕੋਟਿਕਸ ਕੰਟਰੋਲ ਬਿਊਰੋ, ઠਡਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਅਤੇ ਕਸਟਮਜ਼ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ઠਨਾਲ ਤਾਲਮੇਲ ਕਰਨ ਲਈ ਵੀ ਸੂਬਾਈ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਦੇਸ਼ ਦੇ ਹੋਰ ઠਹਿੱਸਿਆਂ ਅਤੇ ਸਰਹੱਦੋਂ ਪਾਰੋਂ ਵੀ ਨਸ਼ਿਆਂ ਦੀ ਸਪਲਾਈ ਤੇ ਤਸਕਰੀ ਰੋਕੀ ਜਾ ਸਕੇ।
ਨਸ਼ੇ ਦੇ ਖਿਲਾਫ਼ ਮੁਹਿੰਮ ਦੀ ਕਮਾਂਡ ਸੰਭਾਲ ਕੇ ਹਰਪ੍ਰੀਤ ਸਿੰਘ ਸਿੱਧੂ ਨੇ ਸ੍ਰੀ ਦਰਬਾਰ ਸਾਹਿਬ ‘ਚ ਮੱਥਾ ਟੇਕਿਆ
ਅੰਮ੍ਰਿਤਸਰ : ਨਸ਼ੇ ਦੇ ਖਿਲਾਫ਼ ਸਪੈਸ਼ਲ ਟਾਸਕ ਫੋਰਸ ਦੇ ਚੀਫ਼ ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਨੇ ਸ੍ਰੀ ਦਰਬਾਰ ਸਾਹਿਬ ‘ਚ ਮੱਥਾ ਟੇਕਿਆ। ਬੜੀ ਸਾਦਗੀ ਨਾਲ ਸ੍ਰੀ ਦਰਬਾਰ ਸਾਹਿਬ ‘ਚ ਉਹ ਨਤਮਸਤਕ ਹੋਏ। ਹਾਲਾਂਕਿ ਐਸਜੀਪੀਸੀ ਦੇ ਅਹੁਦੇਦਾਰ ਉਨ੍ਹਾਂ ਸਵਾਗਤ ਕਰਨ ਦੇ ਲਈ ਬੈਠੇ ਰਹੇ ਪ੍ਰੰਤੂ ਅਜਿਹਾ ਨਾ ਕਰਦੇ ਹੋਏ ਉਨ੍ਹਾਂ ਨੇ ਆਮ ਇਨਸਾਨ ਦੀ ਤਰ੍ਹਾਂ ਮੱਥਾ ਟੇਕਣ ਦੀ ਗੱਲ ਕਹੀ। ਉਨ੍ਹਾਂ ਨੇ ਵੀਆਈਪੀ ਟ੍ਰੀਟਮੈਂਟ ਲੈਣ ਤੋਂ ਵੀ ਸਾਫ਼ ਮਨ੍ਹਾ ਕਰ ਦਿੱਤਾ। ਐਸਜੀਪੀਸੀ ਅਹੁਦੇਦਾਰਾਂ ਨੂੰ ਉਨ੍ਹਾਂ ਨੇ ਕਿਹਾ ਕਿ ਉਹ ਵਾਹਿਗੁਰੂ ਦੇ ਸਾਹਮਣੇ ਮੱਥਾ ਟੇਕਣ ਲਈ ਪਹੁੰਚੇ ਹਨ ਅਤੇ ਉਹ ਆਮ ਇਨਸਾਨ ਦੀ ਤਰ੍ਹਾਂ ਹੀ ਮੱਥਾ ਟੇਕਣਾ ਚਾਹੁੰਦੇ ਹਨ।

Check Also

ਭਾਰਤ ਵੱਲੋਂ 101 ਰੱਖਿਆ ਯੰਤਰਾਂ ਦੀ ਦਰਾਮਦ ‘ਤੇ ਪਾਬੰਦੀ

ਘਰੇਲੂ ਰੱਖਿਆ ਸਨਅਤ ਨੂੰ ਹੁਲਾਰਾ ਦੇਣ ਲਈ ਰੱਖਿਆ ਮੰਤਰੀ ਨੇ ਕੀਤਾ ਐਲਾਨ ਨਵੀਂ ਦਿੱਲੀ : …