
ਪੰਜਾਬ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਜਤਾਇਆ ਨਿਸ਼ਾਨੇ ’ਤੇ ਹੋਣ ਦਾ ਖਦਸ਼ਾ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰੀ ਜਾਂਚ ਏਜੰਸੀਆਂ ਈਡੀ ਅਤੇ ਸੀਬੀਆਈ ਵਲੋਂ ਪੰਜਾਬ ’ਚ ਕੀਤੀਆਂ ਜਾ ਰਹੀਆਂ ਲਗਾਤਾਰ ਛਾਪੇਮਾਰੀਆਂ ਦਰਮਿਆਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਵੜਿੰਗ ਨੇ ਦੋਵਾਂ ਪਾਰਟੀਆਂ ’ਤੇ ਬਦਲਾਖੋਰੀ ਦੀ ਸਿਆਸਤ ਕਰਨ ਦੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਇਨ੍ਹਾਂ ਵਲੋਂ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਇਹ ਕੰਮ ਕਰਨ ਦਾ ਇਕ ਤਰੀਕਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰੀ ਏਜੰਸੀਆਂ ਸਿਆਸਤਦਾਨਾਂ ਨੂੰ ਨਿਸ਼ਾਨਾ ਬਣਾਉਂਦੀਆਂ ਸਨ, ਫਿਰ ਅਫਸਰਸ਼ਾਹੀ ਅਤੇ ਪੁਲਿਸ ਅਧਿਕਾਰੀਆਂ ਨੂੰ ਡਰਾਇਆ ਜਾਂਦਾ ਹੈ। ਇਸ ਰਾਹੀਂ ਇਕ ਸਾਫ ਸੁਨੇਹਾ ਦਿੱਤਾ ਜਾ ਰਿਹਾ ਹੈ ਕਿ ਜਾਂ ਤਾਂ ਸਾਡੇ ਅਨੁਸਾਰ ਚੱਲੋ, ਨਹੀਂ ਤਾਂ ਨਤੀਜੇ ਭੁਗਤਣ ਲਈ ਤਿਆਰ ਰਹੋ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਜਿਹੇ ਕਿਸੇ ਵੀ ਸਿਆਸੀ ਹਮਲੇ ਦਾ ਸਾਹਮਣਾ ਕਰਨ ਲਈ ਤਿਆਰ ਹੈ।
ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ’ਤੇ ਚੁੱਕੇ ਸਵਾਲ
ਕਿਹਾ : ਭਿ੍ਰਸ਼ਟਾਚਾਰ ਨਾਲ ਲੜਨ ਲਈ ਬਣਾਇਆ ਗਿਆ ਅਹੁਦਾ ਹੀ ਭਿ੍ਰਸ਼ਟ ਹੋ ਗਿਆ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਬੀਆਈ ਵਲੋਂ ਪੰਜਾਬ ਵਿਜੀਲੈਂਸ ਦੇ ਮੁੱਖ ਦਫਤਰ ’ਤੇ ਰੇਡ ਨੂੰ ਲੈ ਕੇ ਬਿਆਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਕੱਟੜ ਇਮਾਨਦਾਰ ਪਾਰਟੀ ਦੀ ਸੱਚਾਈ ਲਗਾਤਾਰ ਸਾਹਮਣੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮੰਤਰੀ, ਵਿਧਾਇਕ, ਡੀਆਈਜੀ ਅਤੇ ਹੁਣ ਪੰਜਾਬ ਵਿਜੀਲੈਂਸ ਮੁਖੀ ਦਾ ਨਾਮ ਵੀ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਭਿ੍ਰਸ਼ਟਾਚਾਰ ਨਾਲ ਲੜਨ ਲਈ ਬਣਾਇਆ ਗਿਆ ਅਹੁਦਾ ਵੀ ਭਿ੍ਰਸ਼ਟ ਹੋ ਗਿਆ ਹੈ ਅਤੇ ਇਹ ਬਹੁਤ ਗੰਭੀਰ ਮਾਮਲਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਸ ਦੀ ਡੂੰਘਾਈ ਨਾਲ ਜਾਂਚ ਅਤੇ ਇਸ ਵਿਚ ਸ਼ਾਮਲ ਸਾਰੇ ਵਿਅਕਤੀਆਂ ਵਿਰੁੱਧ ਸਖਤ ਕਾਰਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਰ ਸੰਸਥਾ ਨੂੰ ਢਾਹ ਦਿੱਤਾ ਹੈ।

