
ਸੁਰਜੀਤ ਸਿੰਘ ਰੱਖੜਾ ਵੀ ਪਿਛਲੇ ਦਿਨੀਂ ਆਮ ਆਦਮੀ ਪਾਰਟੀ ’ਚ ਹੋ ਗਏ ਸਨ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਨਵੇਂ ਬਣੇ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਪ੍ਰਮੁੱਖ ਮੈਂਬਰ ਅਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ। ਇਆਲੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਤਾਲਮੇਲ ਕਮੇਟੀ ਦੇ ਕਨਵੀਨਰ ਸਨ। ਇਆਲੀ ਨੇ ਸੋਸ਼ਲ ਮੀਡੀਆ ’ਤੇ ਆਪਣੇ ਸੱਤ ਮਿੰਟ ਲੰਬੇ ਵੀਡੀਓ ਸੰਬੋਧਨ ਵਿੱਚ ਸਪੱਸ਼ਟ ਕੀਤਾ ਹੈ ਕਿ ਉਹ ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਨਹੀਂ ਹੋਣਗੇ। ਜ਼ਿਕਰਯੋਗ ਹੈ ਕਿ ਮਨਪ੍ਰੀਤ ਸਿੰਘ ਇਆਲੀ ਨੇ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੀ ਟਿਕਟ ’ਤੇ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਦੀ ਚੋਣ ਜਿੱਤੀ ਸੀ। ਇਸ ਤੋਂ ਬਾਅਦ ਉਹ ਨਵੇਂ ਬਣੇ ‘ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ’ ਵਿਚ ਸ਼ਾਮਲ ਹੋ ਗਏ ਸਨ। ਇਆਲੀ ਨੇ ਹੁਣ ਇਸ ਨਵੇਂ ਅਕਾਲੀ ਦਲ ’ਚੋਂ ਵੀ ਅਸਤੀਫਾ ਦੇ ਦਿੱਤਾ ਹੈ। ਧਿਆਨ ਰਹੇ ਕਿ ਨਵੇਂ ਬਣੇ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਵੀ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ।

