15.7 C
Toronto
Sunday, May 31, 2026
spot_img
Homeਹਫ਼ਤਾਵਾਰੀ ਫੇਰੀਪੀਲ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ ਹੇਠ ਪੰਜਾਬੀ ਮੂਲ ਦੇ...

ਪੀਲ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ ਹੇਠ ਪੰਜਾਬੀ ਮੂਲ ਦੇ 17 ਨੌਜਵਾਨਾਂ ਨੂੰ ਕੀਤਾ ਗ੍ਰਿਫਤਾਰ

ਓਟਵਾ : ਕੈਨੇਡਾ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਜਬਰੀ ਉਗਰਾਹੀ, ਗੋਲੀਬਾਰੀ ਅਤੇ ਅਗਜ਼ਨੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਅਪਰਾਧਿਕ ਨੈੱਟਵਰਕ ਦੇ 17 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ, ਜੋ ਪੰਜਾਬੀ ਮੂਲ ਦੇ ਦੱਸੇ ਗਏ ਹਨ। ਇਹ ਗਰੁੱਪ ਗਰੇਟਰ ਟੋਰਾਂਟੋ ਏਰੀਆ ਵਿੱਚ ਦੱਖਣੀ ਏਸ਼ੀਆਈ ਕਾਰੋਬਾਰੀਆਂ ਨੂੰ ਆਪਣਾ ਨਿਸ਼ਾਨਾ ਬਣਾਉਂਦਾ ਸੀ।
ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਫਾਰ ਬ੍ਰਦਰਜ਼ ਵਜੋਂ ਜਾਣੇ ਜਾਂਦੇ ਇਸ ਅਪਰਾਧਿਕ ਗਰੁੱਪ ਨੇ ਬਰੈਂਪਟਨ, ਮਿਸੀਸਾਗਾ, ਕੈਲੇਡਨ ਅਤੇ ਬ੍ਰਿਟਿਸ਼ ਕੋਲੰਬੀਆ ਦੇ ਕਈ ਹਿੱਸਿਆਂ ਵਿੱਚ ਰੈਸਟੋਰੈਂਟਾਂ, ਟਰੱਕਿੰਗ ਕੰਪਨੀਆਂ ਅਤੇ ਹੋਰ ਕਾਰੋਬਾਰੀਆਂ ਵਿਰੁੱਧ ਕਈ ਹਿੰਸਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਇਹ ਗਰੁੱਪ ਸਥਾਨਕ ਕਾਰੋਬਾਰੀਆਂ ਨੂੰ ਡਰਾ-ਧਮਕਾ ਕੇ ਮੋਟੀਆਂ ਰਕਮਾਂ ਵਸੂਲਦਾ ਸੀ। ਇਸ ਮਾਮਲੇ ਦੀ ਜਾਂਚ ਦਸੰਬਰ 2025 ਵਿੱਚ ਇੱਕ ਸਾਂਝੇ ਫੋਰਸ ਅਪਰੇਸ਼ਨ ਵਜੋਂ ਸ਼ੁਰੂ ਹੋਈ ਸੀ, ਜਿਸ ਵਿੱਚ ਪੀਲ ਰੀਜ਼ਨਲ ਪੁਲਿਸ, ਉਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ, ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ, ਅਮਰੀਕਾ ਦੀ ਜਾਂਚ ਏਜੰਸੀ ਸ਼ਾਮਲ ਸਨ। ਪੁਲਿਸ ਨੇ 17 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਜੋ 24 ਵਾਰਦਾਤਾਂ ਨਾਲ ਜੁੜੇ ਹੋਏ ਹਨ, ਜਿਨ੍ਹਾਂ ਵਿੱਚੋਂ 16 ਬਹੁਤ ਹਿੰਸਕ ਘਟਨਾਵਾਂ ਸਨ।
ਫਾਰ ਬ੍ਰਦਰਜ਼ ਗਰੁੱਪ ਵੱਲੋਂ ਕੀਤੀਆਂ ਗਈਆਂ ਇਨ੍ਹਾਂ ਵਾਰਦਾਤਾਂ ਵਿੱਚ ਅੱਗ ਲਗਾਉਣ ਅਤੇ ਕਈ ਗੋਲੀਬਾਰੀ ਦੀਆਂ ਘਟਨਾਵਾਂ ਸ਼ਾਮਲ ਹਨ, ਜਿਨ੍ਹਾਂ ਦੌਰਾਨ 324 ਗੋਲੀਆਂ ਚਲਾਈਆਂ ਗਈਆਂ।
ਇਨ੍ਹਾਂ 17 ਨੌਜਵਾਨਾਂ ਖਿਲਾਫ ਕੁੱਲ 106 ਅਪਰਾਧਿਕ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਜਾਂਚ ਦੌਰਾਨ ਪੁਲਿਸ ਨੇ ਛੇ ਹਥਿਆਰ, ਨਸ਼ੀਲੇ ਪਦਾਰਥ, ਕਈ ਮੋਬਾਈਲ ਫ਼ੋਨ, ਸਿਮ ਕਾਰਡ ਅਤੇ ਜਾਅਲੀ ਪਛਾਣ ਪੱਤਰ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ 6 ਨੂੰ ਇਮੀਗ੍ਰੇਸ਼ਨ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਨੇ ਇਮੀਗ੍ਰੇਸ਼ਨ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਵਿੱਚ 6 ਹੋਰਾਂ ਨੂੰ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਵਿੱਚੋਂ 3 ਨੂੰ ਕੈਨੇਡਾ ਤੋਂ ਬਾਹਰ ਕੱਢ ਦਿੱਤਾ ਗਿਆ ਹੈ, 2 ਹਿਰਾਸਤ ਵਿੱਚ ਹਨ ਅਤੇ ਇੱਕ ਨੂੰ ਸ਼ਰਤਾਂ ‘ਤੇ ਰਿਹਾਅ ਕੀਤਾ ਗਿਆ ਹੈ।
ਪੀਲ ਰੀਜਨਲ ਪੁਲਿਸ ਦੇ ਚੀਫ ਨਿਸ਼ਾਨ ਦੁਰਈਪਾ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਵੱਖ-ਵੱਖ ਸੁਰੱਖਿਆ ਏਜੰਸੀਆਂ ਦੇ ਆਪਸੀ ਤਾਲਮੇਲ ਸਦਕਾ ਸੰਭਵ ਹੋਈਆਂ ਹਨ। ਜਬਰਨ ਉਗਰਾਹੀ ਦਾ ਇਹ ਧੰਦਾ ਸਿਰਫ਼ ਇੱਕ ਖੇਤਰ ਤੱਕ ਸੀਮਤ ਨਹੀਂ ਹੈ, ਸਗੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਜੁੜਿਆ ਹੋਇਆ ਹੈ।

 

RELATED ARTICLES
POPULAR POSTS