-1 C
Toronto
Thursday, December 25, 2025
spot_img
Homeਪੰਜਾਬਝੂਠੇ ਪੁਲਿਸ ਮੁਕਾਬਲਿਆਂ ਦਾ ਸੱਚ ਸਾਹਮਣੇ ਲਿਆਉਣ ਲਈ ਨਿਰਪੱਖ ਸੱਚਾਈ ਕਮਿਸ਼ਨ ਬਣੇ

ਝੂਠੇ ਪੁਲਿਸ ਮੁਕਾਬਲਿਆਂ ਦਾ ਸੱਚ ਸਾਹਮਣੇ ਲਿਆਉਣ ਲਈ ਨਿਰਪੱਖ ਸੱਚਾਈ ਕਮਿਸ਼ਨ ਬਣੇ

ਅੰਮ੍ਰਿਤਸਰ ‘ਚ ਪੀੜਤਾਂ ਦੇ ਬਿਆਨ ਕਲਮਬੱਧ ਕੀਤੇ
ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਲ 1980 ਅਤੇ 90ਵੇਂ ਦੇ ਦਹਾਕੇ ਦੌਰਾਨ ਪੰਜਾਬ ਵਿੱਚੋਂ ਲਾਪਤਾ ਹੋਏ ਅਤੇ ਝੂਠੇ ਮੁਕਾਬਲਿਆਂ ਵਿੱਚ ਮਾਰੇ ਗਏ ਵਿਅਕਤੀਆਂ ਦੀ ਹੱਡਬੀਤੀ ਸੁਣਨ ਲਈ ਨਿੱਜੀ ਤੌਰ ‘ਤੇ ਬਣਾਏ ਗਏ ‘ਇੰਡੀਪੈਂਡੈਂਟ ਪੀਪਲਜ਼ ਟ੍ਰਿਬਿਊਨਲ’ ਨੇ ਮੁੱਢਲੇ ਤੌਰ ‘ਤੇ ਸਿਫਾਰਸ਼ ਕੀਤੀ ਹੈ ਕਿ ਇਨ੍ਹਾਂ ਘਟਨਾਵਾਂ ਦੇ ਸੱਚ ਨੂੰ ਸਾਹਮਣੇ ਲਿਆਉਣ ਲਈ ਇੱਕ ਆਜ਼ਾਦ ਤੇ ਨਿਰਪੱਖ ਸੱਚਾਈ ਕਮਿਸ਼ਨ ਸਥਾਪਤ ਹੋਣਾ ਚਾਹੀਦਾ ਹੈ।
ਟ੍ਰਿਬਿਊਨਲ ਵੱਲੋਂ ਇੱਥੇ ਦੋ ਦਿਨ ਜ਼ਿਲ੍ਹਾ ਗੁਰਦਾਸਪੁਰ ਦੇ ਪੀੜਤਾਂ ਦੇ ਬਿਆਨ ਕਲਮਬੱਧ ਕੀਤੇ ਗਏ ਹਨ। ਇਸ ਟ੍ਰਿਬਿਊਨਲ ਨੇ ਦੋ ਦਿਨ ਪੀੜਤਾਂ ਦੀ ਹੱਡਬੀਤੀ ਸੁਣੀ। ਇਸ ਸਬੰਧੀ ਸਿਰਫ਼ ਗੁਰਦਾਸਪੁਰ ਨਾਲ ਸਬੰਧਤ ਪੀੜਤ ਪਰਿਵਾਰ ਸੱਦੇ ਗਏ ਸਨ। ਇਸ ਸਬੰਧੀ ਜਥੇਬੰਦੀ ਦੇ ਆਗੂ ਸਤਨਾਮ ਸਿੰਘ ਨੇ ਖੁਲਾਸਾ ਕੀਤਾ ਕਿ ਦੋ ਦਿਨਾਂ ਵਿੱਚ ਇੱਥੇ ਲਗਪਗ 700 ਪੀੜਤ ਪਰਿਵਾਰ ਪੁੱਜੇ ਹਨ, ਜਿਨ੍ਹਾਂ ਵਿੱਚੋਂ ਲਗਪਗ 100 ਪਰਿਵਾਰਾਂ ਦੇ ਬਿਆਨ ਕਲਮਬੱਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੈਨਲ ਵੱਲੋਂ ਦੋ ਦਿਨਾਂ ਦੀ ਕਾਰਵਾਈ ਮਗਰੋਂ ਮੁਢਲੀ ਸਿਫਾਰਸ਼ ਜਾਰੀ ਕੀਤੀ ਗਈ ਹੈ ਅਤੇ ਕੁਝ ਸਮੇਂ ਬਾਅਦ ਇਸ ਸਬੰਧੀ ਮੁਕੰਮਲ ਰਿਪੋਰਟ ਜਾਰੀ ਕੀਤੀ ਜਾਵੇਗੀ ਜੋ ਸਰਕਾਰ ਨੂੰ ਵੀ ਸੌਂਪੀ ਜਾਵੇਗੀ ਅਤੇ ਕਾਨੂੰਨੀ ਚਾਰਾਜੋਈ ਲਈ ਸੁਪਰੀਮ ਕੋਰਟ ਵਿੱਚ ਵਰਤੀ ਜਾਵੇਗੀ। ઠਟ੍ਰਿਬਿਊਨਲ ਦੀਆਂ ਸਿਫਾਰਸ਼ਾਂ ਵਿੱਚ ਦੱਸਿਆ ਗਿਆ ਹੈ ਕਿ ਲੋਕਾਂ ਦੀ ਵੱਡੀ ਆਮਦ ਤੋਂ ਸਪੱਸ਼ਟ ਹੈ ਕਿ ਇਹ ਮਾਮਲਾ ਕਿੰਨਾ ਅਹਿਮ ਹੈ।
ਇਸ ਸਬੰਧੀ ਆਜ਼ਾਦ ਤੇ ਨਿਰਪੱਖ ਸੱਚਾਈ ਕਮਿਸ਼ਨ ਸਥਾਪਤ ਹੋਣਾ ਚਾਹੀਦਾ ਹੈ ਜੋ ਹਰੇਕ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇ। ਉਨ੍ਹਾਂ ਆਖਿਆ ਕਿ ਪੀੜਤਾਂ ਨੂੰ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਜੋ ਕੁਝ ਵਾਪਰਿਆ, ਉਸ ਨੂੰ ਜਾਨਣ ਦਾ ਪੂਰਾ ਅਧਿਕਾਰ ਹੈ। ਇਸ ਮਾਮਲੇ ਵਿੱਚ ਉਨ੍ਹਾਂ ਨੂੰ ਨਿਆਂ ਤੇ ਢੁੱਕਵਾਂ ਮੁਆਵਜ਼ਾ ਮਿਲਣਾ ਚਾਹੀਦਾ ਹੈ ਅਤੇ ਮੁੜ ਵਸੇਬਾ ਹੋਣਾ ઠਚਾਹੀਦਾ ਹੈ ਤੇ ਜ਼ਿੰਮੇਵਾਰ ਲੋਕਾਂ ਖਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਪੈਨਲ ਦਾ ਮੰਨਣਾ ਹੈ ਕਿ ਜੇਕਰ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੇ ਘਾਣ ਖਿਲਾਫ਼ ਉਸ ਵੇਲੇ ਕਾਨੂੰਨ ਅਨੁਸਾਰ ਕਾਰਵਾਈ ਹੁੰਦੀ ਤਾਂ ਦੇਸ਼ ਦੇ ਹੋਰ ਸੂਬਿਆਂ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਦੀਆਂ ਪਰ ਪੰਜਾਬ ਦੀਆਂ ਘਟਨਾਵਾਂ ਤੋਂ ਕੋਈ ਸਬਕ ਨਹੀਂ ਲਿਆ ਗਿਆ, ਜਿਸਦਾ ਸਿੱਟਾ ਹੈ ਕਿ ਛੱਤੀਸਗੜ੍ਹ, ਮਨੀਪੁਰ ਅਤੇ ਕਸ਼ਮੀਰ ਵਿੱਚ ਮਨੁੱਖੀ ਅਧਿਕਾਰਾਂ ਦਾ ਘਾਣ ਹੋ ਰਿਹਾ ਹੈ। ਇਸ ਮੌਕੇ ਸਤਨਾਮ ਸਿੰਘ ਬੈਂਸ, ਜਗਜੀਤ ਸਿੰਘ ਬਾਜਵਾ, ਮਹਿੰਦਰ ਸਿੰਘ ਰੰਧਾਵਾ ਤੇ ਹੋਰ ਪਤਵੰਤੇ ਹਾਜ਼ਰ ਸਨ।

RELATED ARTICLES
POPULAR POSTS