
ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ’ਚ ਯਕੀਨੀ ਬਣਾਇਆ ਜਾ ਸਕੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ’ਚ ਮੰਤਰੀ ਮੰਡਲ ਦੀ ਬੈਠਕ ਹੋਈ ਹੈ। ਇਸ ਬੈਠਕ ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿਚ ਸੋਧ ਨੂੰ ਮਨਜੂਰੀ ਦਿੱਤੀ ਗਈ ਹੈ। ਇਸ ਫੈਸਲੇ ਨਾਲ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਪ੍ਰਸ਼ਾਸਨਿਕ ਰੁਕਾਵਟਾਂ ਦੂਰ ਹੋਣਗੀਆਂ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਅਤੇ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜ੍ਹਨ ਵਿਚ ਮੱਦਦ ਮਿਲੇਗੀ। ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਦੀ ਸਾਲ 2025-26 ਦੀ ਸਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਚੋਣ ਕਾਨੂੰਨਗੋ ਦੀ ਅਸਾਮੀ ਤੋਂ ਚੋਣ ਤਹਿਸੀਲਦਾਰ ਵਜੋਂ ਤਰੱਕੀ ਲਈ ਲੋੜੀਂਦੇ ਤਜ਼ਰਬੇ ਨੂੰ 15 ਸਾਲ ਤੋਂ ਘਟਾ ਕੇ 12 ਸਾਲ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਦੌਰਾਨ ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿਚ ਹੋਰ ਵੀ ਕਈ ਫੈਸਲੇ ਹੋਏ ਹਨ।

