ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚੋਂ ਵੀਆਈਪੀ ਕਲਚਰ ਖਤਮ ਕਰਨ ਦੀ ਮੁਹਿੰਮ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਨੂੰ ਆਪਣੀ ਸੁਰੱਖਿਆ ਲਈ ਤਾਇਨਾਤ 150 ਜਵਾਨ ਅਤੇ 180 ਵਿਚੋਂ 130 ਵਾਹਨ ਵਾਪਸ ਲੈਣ ਲਈ ਕਿਹਾ ਹੈ। ਇਹ 150 ਮੁਲਾਜ਼ਮ ਵਾਪਸ ਲਏ ਗਏ ਉਨ੍ਹਾਂ 800 ਮੁਲਾਜ਼ਮਾਂ ਤੋਂ ਵੱਖਰੇ ਹਨ ਜੋ ਸਾਬਕਾ ਅਕਾਲੀ-ਭਾਜਪਾ ਸਰਕਾਰ ਸਮੇਂ ਵੱਖ ਵੱਖ ਸਿਆਸੀ ਆਗੂਆਂ ਤੇ ਸਾਬਕਾ ਸਲਾਹਕਾਰਾਂ ਦੀ ਸੁਰੱਖਿਆ ਵਿਚ ਤਾਇਨਾਤ ਸਨ।
ਸੂਤਰਾਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਮੁੱਖ ਮੰਤਰੀ ਦਫ਼ਤਰ ਤੋਂ ਇੰਨੇ ਸੁਰੱਖਿਆ ઠਮੁਲਾਜ਼ਮ ਵਾਪਸ ਭੇਜੇ ਗਏ ਹਨ। ਪੁਲਿਸ ਅਧਿਕਾਰੀਆਂ ਨੇ ਸੁਰੱਖਿਆ ਕਾਰਨਾਂ ਕਰਕੇ ਇਹ ਤਾਂ ਨਹੀਂ ਦੱਸਿਆ ਕਿ ਮੁੱਖ ਮੰਤਰੀ ਦੀ ਸੁਰੱਖਿਆ ਵਿੱਚ ਕਿੰਨੇ ਜਵਾਨ ਤਾਇਨਾਤ ਹਨ, ਪਰ ਉਨ੍ਹਾਂ ਪੰਜਾਬ ਪੁਲਿਸ ਦੇ 150 ਜਵਾਨ ਵਾਪਸ ਲੈਣ ਦੀ ਪੁਸ਼ਟੀ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰ ਦੀ ਕਾਰਵਾਈ ਜਾਰੀ ਹੈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਆਈਪੀ ਸੱਭਿਆਚਾਰ ਖਤਮ ਕਰਨ ਲਈ ਵਚਨਬੱਧ ਹਨ। ਉਨ੍ਹਾਂ ਮੰਤਰੀਆਂ ਤੇ ਕਾਂਗਰਸ ਆਗੂਆਂ ਨੂੰ ਵੀ ਆਪਣੇ ਸੁਰੱਖਿਆ ਮੁਲਾਜ਼ਮ ਘਟਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਮੁੱਖ ਮੰਤਰੀ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਤੇ ਪ੍ਰੋਟੋਕੋਲ ਮੁਤਾਬਕ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਾਈ ਜਾਵੇਗੀ।

