ਕੈਪਟਨ ਅਮਰਿੰਦਰ ਸਿੰਘ ਨੇ ਗਿਰਦਾਵਰੀ ਦੇ ਦਿੱਤੇ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਬੇਮੌਸਮੇ ਮੀਂਹ ਤੇ ਗੜ੍ਹੇਮਾਰੀ ਨਾਲ ਕਣਕ ਦੀ ਫਸਲ ਨੂੰ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਬੇਮੌਸਮੇ ਮੀਂਹ ਨਾਲ ਕਿਸਾਨਾਂ ਦੀ ਕਣਕ ਦੀ ਫਸਲ ਨੂੰ ਕਾਫੀ ਨੁਕਸਾਨ ਹੋਇਆ ਹੈ।
ਪੰਜਾਬ ਸਰਕਾਰ ਦੇ ਇੱਕ ਅਧਿਕਾਰੀ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੀ ਜਾਣਕਾਰੀ ਫੌਰੀ ਤੌਰ ‘ਤੇ ਇਕੱਤਰ ਕੀਤੀ ਜਾਵੇ। ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜਿੱਥੇ ਕਿਤੇ ਵੀ ਕਣਕ ਦੀ ਫਸਲ ਨੂੰ ਹੋਏ ਨੁਕਸਾਨ ਦੀਆਂ ਰਿਪੋਰਟਾਂ ਮਿਲੀਆਂ ਹਨ, ਉਨ੍ਹਾਂ ਇਲਾਕਿਆਂ ਵਿੱਚ ਤੁਰੰਤ ਅਨੁਮਾਨ ਲਾਉਣ ਦੀ ਪ੍ਰੀਕ੍ਰਿਆ ਸ਼ੁਰੂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਮੌਸਮ ਦੇ ਕਹਿਰ ਕਾਰਨ ਕਿਸੇ ਕਿਸਮ ਦੇ ਨੁਕਸਾਨ ਲਈ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਲਈ ਵਚਨਬੱਧ ਹੈ।
ਕਿਸਾਨਾਂ ਨੂੰ ਮੀਂਹ ਕਾਰਨ ਖਰਾਬ ਹੋਈ ਫਸਲ ਦਾ ਤੁਰੰਤ ਮੁਆਵਜ਼ਾ ਮਿਲੇ : ਫੂਲਕਾ
ਵਿਜੇ ਸਾਂਪਲਾ ਨੇ ਵੀ ਕੈਪਟਨ ਨੂੰ ਕਿਸਾਨਾਂ ਦੀ ਬਾਂਹ ਫੜਨ ਲਈ ਕੀਤੀ ਅਪੀਲ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਚ ਐਸ ਫੂਲਕਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬੇਮੌਸਮੇ ਮੀਂਹ ਕਾਰਨ ਖਰਾਬ ਹੋਈ ਕਣਕ ਦੀ ਫਸਲ ਲਈ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਮੀਂਹ ਅਤੇ ਗੜ੍ਹੇਮਾਰੀ ਕਾਰਨ ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਭਾਰੀ ਨੁਕਸਾਨ ਹੋਇਆ ਹੈ। ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਵਿਜੇ ਸਾਂਪਲਾ ਨੇ ਮੌਸਮ ਦੀ ਮਾਰ ਝੱਲ ਰਹੇ ਕਿਸਾਨਾਂ ਦੀ ਪੀੜ ਨੂੰ ਮਹਿਸੂਸ ਕਰਦਿਆਂ ਸੂਬਾ ਸਰਕਾਰ ਨੂੰ ਬੇਨਤੀ ਕੀਤੀ ਕਿ ਉਹ ਤੁਰੰਤ ਕਿਸਾਨਾਂ ਲਈ ਮਾਲੀ ਮੱਦਦ ਦਾ ਪ੍ਰਬੰਧ ਕਰੇ। ਵਿਜੇ ਸਾਂਪਲਾ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੰਜਾਬ ਵਿਚ ਤੇਜ਼ ਹਵਾਵਾਂ ਚੱਲਣ ਕਾਰਨ, ਮੀਂਹ ਪੈਣ ਕਾਰਨ ਅਤੇ ਕਈ ਥਾਈਂ ਗੜ੍ਹੇਮਾਰੀ ਹੋਣ ਕਾਰਨ ਕਿਸਾਨਾਂ ਦੀ ਫਸਲ ਨੂੰ ਨੁਕਸਾਨ ਪਹੁੰਚਿਆ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …