ਸੁਖਬੀਰ ਸਿੰਘ ਬਾਦਲ ਦੀਆਂ ਵਧਣਗੀਆਂ ਮੁਸ਼ਕਲਾਂ
ਗਿਆਨੀ ਰਘਬੀਰ ਸਿੰਘ ਨੇ ਦਰਜ ਕਰਵਾਏ ਬਿਆਨ
ਅੰਮ੍ਰਿਤਸਰ/ਬਿਊਰੋ ਨਿਊਜ਼ : ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਆਉਣ ਵਾਲੇ ਦਿਨਾਂ ਵਿਚ ਹੋਰ ਵਧ ਸਕਦੀਆਂ ਹਨ। ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਸਾਹਮਣੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਪਣਾ ਅਹਿਮ ਬਿਆਨ ਦਰਜ ਕਰਵਾਇਆ ਹੈ। ਗਿਆਨੀ ਰਘਬੀਰ ਸਿੰਘ ਨੇ ‘ਸਿੱਟ’ ਦੇ ਸਾਹਮਣੇ ਵੱਡਾ ਖੁਲਾਸਾ ਕਰਦਿਆਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਪੇਸ਼ ਹੋ ਕੇ ਬਹਿਬਲ ਕਲਾਂ ਗੋਲੀਕਾਂਡ ਦੀ ਪੂਰੀ ਜ਼ਿੰਮੇਵਾਰੀ ਖੁਦ ਕਬੂਲ ਕੀਤੀ ਸੀ। ਗਿਆਨੀ ਰਘਬੀਰ ਸਿੰਘ ਅਨੁਸਾਰ ਸੁਖਬੀਰ ਸਿੰਘ ਬਾਦਲ ਵਲੋਂ ਕੀਤੇ ਗਏ ਇਸ ਗੁਨਾਹ ਦੇ ਕਬੂਲਨਾਮੇ ਦੀ ਪੂਰੀ ਵੀਡੀਓ ਰਿਕਾਰਡਿੰਗ ਇਸ ਵੇਲੇ ਸ੍ਰੀ ਅਕਾਲ ਤਖਤ ਸਾਹਿਬ ਦੇ ਰਿਕਾਰਡ ਵਿਚ ਸੁਰੱਖਿਅਤ ਮੌਜੂਦ ਹੈ। ਆਪਣੇ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਇਕ ਡੂੰਘੀ ਸਾਜਿਸ਼ ਤਹਿਤ ਹੀ ਸੁਖਬੀਰ ਸਿੰਘ ਬਾਦਲ ਨੇ ਸ਼ਾਂਤਮਈ ਧਰਨਾ ਦੇ ਰਹੇ ਨਿਹੱਥੇ ਅਤੇ ਬੇਕਸੂਰ ਲੋਕਾਂ ‘ਤੇ ਗੋਲੀਆਂ ਚਲਵਾਈਆਂ ਸਨ। ਜ਼ਿਕਰਯੋਗ ਹੈ ਕਿ ਇਸ ਗੋਲੀਬਾਰੀ ਵਿਚ ਦੋ ਸਿੱਖ ਨੌਜਵਾਨਾਂ ਦੀ ਜਾਨ ਚਲੇ ਗਈ ਸੀ।
ਮੈਂ ਕਿਸੇ ਵੀ ਤਰ੍ਹਾਂ ਦੇ ਕੇਸਾਂ ਜਾਂ ਗ੍ਰਿਫਤਾਰੀ ਤੋਂ ਨਹੀਂ ਡਰਦਾ : ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਕਿਸੇ ਵੀ ਤਰ੍ਹਾਂ ਦੇ ਕੇਸਾਂ ਜਾਂ ਗ੍ਰਿਫਤਾਰੀ ਤੋਂ ਨਹੀਂ ਡਰਦਾ। ਗਿਆਨੀ ਰਘਬੀਰ ਸਿੰਘ ਵਲੋਂ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸਿੱਟ ਕੋਲ ਦਰਜ ਕਰਵਾਏ ਬਿਆਨ ਸਬੰਧੀ ਉਨ੍ਹਾਂ ਕਿਹਾ ਕਿ ਜੇ ਬਿਆਨ ਦੇ ਅਧਾਰ ‘ਤੇ ਮੇਰੇ ਉਤੇ ਕੇਸ ਕਰਨਾ ਹੈ ਤਾਂ ਕਰ ਲਓ, ਮੈਂ ਖੁਦ ਹੀ ਗ੍ਰਿਫਤਾਰੀ ਦੇਣ ਲਈ ਆ ਜਾਵਾਂਗਾ। ਇਸਦੇ ਨਾਲ ਹੀ ਭਾਜਪਾ ਨਾਲ ਚੋਣ ਗਠਜੋੜ ਬਾਰੇ ਉਨ੍ਹਾਂ ਕਿਹਾ ਕਿ ਸਾਡਾ ਮਕਸਦ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਹੈ ਅਤੇ ਭਾਜਪਾ ਨਾਲ ਗਠਜੋੜ ਬਾਰੇ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਆਮ ਆਦਮੀ ਪਾਰਟੀ ਦੇ ਮੈਂਬਰ ਬਣ ਗਏ ਹਨ ਅਤੇ ਉਹ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਦੇ ਵਿਰੁੱਧ ਹੋ ਗਏ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ੀ ਦੌਰਾਨ ਇਹ ਗੱਲ ਕਹੀ ਸੀ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਜੋ ਕੁਝ ਵੀ ਹੋਇਆ, ਭਾਵੇਂ ਉਹ ਕਿਸੇ ਵਰਕਰ ਨੇ ਕੀਤਾ ਹੋਵੇ ਅਤੇ ਜਾਂ ਕਿਸੇ ਮੁਲਾਜ਼ਮ ਨੇ, ਉਨ੍ਹਾਂ ਨੇ ਆਪਣੀ ਸਰਕਾਰ ਹੋਣ ਦੇ ਨਾਤੇ ਇਹ ਆਪਣੀ ਝੋਲੀ ਪੁਆਇਆ ਸੀ।

