18.6 C
Toronto
Wednesday, August 5, 2026
spot_img
Homeਹਫ਼ਤਾਵਾਰੀ ਫੇਰੀਇਤਰਾਜ਼ਯੋਗ ਵੀਡੀਓ ਵਿਵਾਦ

ਇਤਰਾਜ਼ਯੋਗ ਵੀਡੀਓ ਵਿਵਾਦ

ਸੀਐਮ ਭਗਵੰਤ ਮਾਨ ਵੱਲੋਂ ਵੀਡੀਓ ‘ਫੇਕ’ ਕਰਾਰ
ਅਕਾਲੀਆਂ ਅਤੇ ਸ਼੍ਰੋਮਣੀ ਕਮੇਟੀ ਦੀ ਸਾਜਿਸ਼ ਹੋਈ ਬੇਨਕਾਬ : ਮੁੱਖ ਮੰਤਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਇੱਕ ਕਥਿਤ ਵੀਡੀਓ ਮਾਮਲੇ ਵਿੱਚ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ‘ਸ੍ਰੀ ਅਕਾਲ ਤਖ਼ਤ ਸਾਹਿਬ’ ਵੱਲੋਂ ‘ਗੁਰੂ ਦੋਖੀ’ ਅਤੇ ‘ਪੰਥ ਵਿਰੋਧੀ’ ਕਰਾਰ ਦਿੱਤੇ ਜਾਣ ਤੋਂ ਕੁਝ ਦਿਨਾਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਇਸ ‘ਤੇ ਆਪਣਾ ਪੱਖ ਸਾਹਮਣੇ ਰੱਖਿਆ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਸੂਬੇ ਤੋਂ ਬਾਹਰਲੀਆਂ ਪ੍ਰਮੁੱਖ ਲੈਬਾਰਟਰੀਆਂ ਤੋਂ ਕਰਵਾਈ ਗਈ ਫ਼ੋਰੈਂਸਿਕ ਜਾਂਚ ਵਿੱਚ ਇਹ ਸਾਬਤ ਹੋ ਗਿਆ ਹੈ ਕਿ ਉਕਤ ਵੀਡੀਓ ਪੂਰੀ ਤਰ੍ਹਾਂ ਨਕਲੀ ਅਤੇ ਫ਼ਰਜ਼ੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਵੀਡੀਓ ਦੇ ਇੱਕ-ਇੱਕ ਫ੍ਰੇਮ ਦੀ ਬਾਰੀਕੀ ਨਾਲ ਕੀਤੀ ਗਈ ਫ਼ੋਰੈਂਸਿਕ ਜਾਂਚ ਤੋਂ ਪਤਾ ਲੱਗਿਆ ਹੈ ਕਿ ਵੀਡੀਓ ਵਿੱਚ ਦਿਖਾਇਆ ਜਾ ਰਿਹਾ ਵਿਅਕਤੀ ਕਿਸੇ ਵੀ ਕੋਣ ਤੋਂ ਉਨ੍ਹਾਂ ਨਾਲ ਮੇਲ ਨਹੀਂ ਖਾਂਦਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ‘ਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਗੁਰੂਆਂ ਦੀ ਤਸਵੀਰ ਦੇ ਸਾਹਮਣੇ ਸ਼ਰਾਬ ਪੀਤੀ ਅਤੇ ਉਸਦੇ ਛਿੱਟੇ ਵੀ ਮਾਰੇ। ਇਸ ਸਬੰਧੀ ਵੀਡੀਓ ਵੀ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋਇਆ। ਇਸਦੀ ਜਾਂਚ ਸ੍ਰੀ ਅਕਾਲ ਤਖਤ ਸਾਹਿਬ ਨੇ ਕਰਵਾਈ ਅਤੇ ਇਸ ਨੂੰ ਸਹੀ ਕਰਾਰ ਦਿੰਦੇ ਹੋਏ ਸੀਐਮ ਮਾਨ ਨੂੰ ਗੁਰੂ ਦੋਖੀ ਅਤੇ ਪੰਥ ਵਿਰੋਧੀ ਕਰਾਰ ਦਿੱਤਾ ਗਿਆ ਹੈ।
ਬਦਨਾਮ ਕਰਨ ਲਈ ‘ਐਕਟਰ’ ਦੀ ਵਰਤੋਂ ਕੀਤੀ ਗਈ : ਸੀਐਮ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਖ਼ੁਲਾਸਾ ਕੀਤਾ ਕਿ ਉਨ੍ਹਾਂ ਦੀ ਸਿਆਸੀ ਅਤੇ ਸਮਾਜਿਕ ਦਿੱਖ ਨੂੰ ਖ਼ਰਾਬ ਕਰਨ ਲਈ ਕਿਸੇ ਅਦਾਕਾਰ ਦਾ ਸਹਾਰਾ ਲੈ ਕੇ ਇਹ ਸਾਰਾ ਸਵਾਂਗ ਰਚਿਆ ਗਿਆ ਅਤੇ ਵੀਡੀਓ ਰਿਕਾਰਡ ਕੀਤੀ ਗਈ। ਉਨ੍ਹਾਂ ਕਿਹਾ, ”ਮੈਂ ਡੀਜੀਪੀ ਪੰਜਾਬ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਇਸ ਫ਼ਰਜ਼ੀ ਵੀਡੀਓ ਨੂੰ ਤਿਆਰ ਕਰਨ ਅਤੇ ਇਸ ਦੇ ਪਿੱਛੇ ਮਾਸਟਰਮਾਈਂਡ ਵਜੋਂ ਕੰਮ ਕਰਨ ਵਾਲੇ ਲੋਕਾਂ ਨੂੰ ਤੁਰੰਤ ਟਰੈਕ ਕਰਕੇ ਜਨਤਾ ਦੇ ਸਾਹਮਣੇ ਬੇਨਕਾਬ ਕੀਤਾ ਜਾਵੇ।”

RELATED ARTICLES
POPULAR POSTS