16.3 C
Toronto
Friday, June 26, 2026
spot_img
Homeਪੰਜਾਬਪੰਜਾਬ ਦੇ ਸਰਪੰਚਾਂ ਦੇ ਮਾਣਭੱਤੇ ਵਿੱਚ ਪੰਜ ਗੁਣਾ ਵਾਧਾ

ਪੰਜਾਬ ਦੇ ਸਰਪੰਚਾਂ ਦੇ ਮਾਣਭੱਤੇ ਵਿੱਚ ਪੰਜ ਗੁਣਾ ਵਾਧਾ

ਸਰਪੰਚਾਂ ਨੂੰ ਹੁਣ ਮਿਲੇਗੀ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ
ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡਾਂ ਦੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ ਲਈ ਸਰਪੰਚਾਂ ਦੇ ਮਾਣਭੱਤੇ ਵਿੱਚ ਪੰਜ ਗੁਣਾ ਵਾਧਾ ਕਰ ਦਿੱਤਾ ਹੈ। ਬਠਿੰਡਾ ਵਿੱਚ ਕਰਵਾਈ ਗਈ ਸਰਪੰਚ ਮਿਲਣੀ ਦੌਰਾਨ ਉਨ੍ਹਾਂ ਕਿਹਾ ਕਿ 15 ਅਗਸਤ ਤੋਂ ਸੂਬੇ ਦੇ ਹਰ ਸਰਪੰਚ ਨੂੰ 2,000 ਰੁਪਏ ਦੀ ਥਾਂ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਦਿੱਤਾ ਜਾਵੇਗਾ। ਇਹ ਵਾਧਾ ਸਰਪੰਚਾਂ ਨੂੰ ਆਪਣੇ ਪਰਿਵਾਰਾਂ ਦੀਆਂ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਲਈ ਹੋਰ ਵੱਧ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗਾ। ਸਰਪੰਚਾਂ ਨੂੰ ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਹੀ ਪੰਜਾਬ ਦੀ ਤਰੱਕੀ ਦੀ ਨੀਂਹ ਹੈ ਅਤੇ ਪੇਂਡੂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਧਨ ਦੀ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣ ਅਤੇ ਵਿਕਾਸ ਪ੍ਰਾਜੈਕਟਾਂ ਨੂੰ ਪਹਿਲ ਦੇਣ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਪੰਚਾਂ ਨੂੰ ਮਾਣਭੱਤਾ ਦੇਣ ਦੇ ਵਾਅਦੇ ਤਾਂ ਕੀਤੇ ਪਰ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਗਿਆ, ਜਦ ਕਿ ਮੌਜੂਦਾ ਸਰਕਾਰ ਨੇ ਪਹਿਲਾਂ 2,000 ਰੁਪਏ ਮਾਣਭੱਤਾ ਯਕੀਨੀ ਬਣਾਇਆ ਅਤੇ ਹੁਣ ਇਸ ਨੂੰ ਵਧਾ ਕੇ 10,000 ਰੁਪਏ ਕਰ ਦਿੱਤਾ ਹੈ।
ਪਿੰਡਾਂ ਨੂੰ ਗਰਾਂਟ ਦੀ ਕਮੀ ਨਹੀਂ ਆਉਣ ਦਿਆਂਗੇ: ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿੰਡਾਂ ਵਿੱਚ ਵੱਡੀ ਪੱਧਰ ‘ਤੇ ਗਰਾਂਟਾਂ ਪਹੁੰਚ ਰਹੀਆਂ ਹਨ ਅਤੇ ਛੇਤੀ ਹੀ ਰਾਜ ਦੇ ਪਿੰਡਾਂ ਦਾ ਮੁਕੰਮਲ ਕਾਇਆਕਲਪ ਵੇਖਣ ਨੂੰ ਮਿਲੇਗਾ। ਉਹ ਮਾਨਸਾ ਜ਼ਿਲ੍ਹੇ ਦੇ ਪਿੰਡ ਧਰਮਪੁਰਾ ਵਿੱਚ ਲੋਕ ਮਿਲਣੀ ਦੌਰਾਨ ਸੰਬੋਧਨ ਕਰ ਰਹੇ ਸਨ। ਇਹ ਪਿੰਡ ਪ੍ਰਸਿੱਧ ਪੰਜਾਬੀ ਗਾਇਕ ਆਰ ਨੇਤ ਦਾ ਜੱਦੀ ਪਿੰਡ ਹੈ, ਜੋ ਮੰਚ ‘ਤੇ ਮੌਜੂਦ ਸਨ। ਗਾਇਕ ਨੇ ਮੁੱਖ ਮੰਤਰੀ ਦੀ ਮੌਜੂਦਗੀ ਵਿੱਚ ਜਦ ਆਪਣਾ ਗੀਤ ‘ਜੱਟ ਦੱਬਦਾ ਕਿੱਥੇ ਹੈ’ ਦਾ ਕੁੱਝ ਹਿੱਸਾ ਲੋਕਾਂ ਨੂੰ ਸੁਣਾਇਆ ਤਾਂ ਸਭ ਤੋਂ ਵੱਧ ਤਾੜੀਆਂ ਵੱਜੀਆਂ। ਮੁੱਖ ਮੰਤਰੀ ਨੇ ਕਿਹਾ ਕਿ ਦਿਹਾਤੀ ਖੇਤਰ ਨੂੰ ਦਿੱਤੇ ਜਾ ਰਹੇ ਫੰਡਾਂ ਦੀ ਵਰਤੋਂ ਪੰਚਾਇਤਾਂ ਵੱਲੋਂ ਇਸ ਤਰੀਕੇ ਨਾਲ ਕੀਤੀ ਜਾਣੀ ਚਾਹੀਦੀ ਹੈ, ਜਿਸ ਨਾਲ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚੇ।
‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟਰੇਸ਼ਨ ਹੁਣ ਸੇਵਾ ਕੇਂਦਰਾਂ ਵਿੱਚ ਵੀ ਸ਼ੁਰੂ
ਚੰਡੀਗੜ੍ਹ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਜਿਸਟਰੇਸ਼ਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਲਈ ਹੁਣ ਜ਼ਿਲ੍ਹਿਆਂ ਸਾਰੇ ਸੇਵਾ ਕੇਂਦਰਾਂ ਵਿੱਚ ਵੀ ਇਹ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਸਾਰੀਆਂ ਯੋਗ ਮਹਿਲਾਵਾਂ ਦੀ ਰਜਿਸਟਰੇਸ਼ਨ ਦਾ ਕੰਮ ਜਲਦੀ ਤੋਂ ਜਲਦੀ ਪੂਰਾ ਕੀਤਾ ਜਾ ਸਕੇ ਅਤੇ 1 ਜੁਲਾਈ 2026 ਤੋਂ ਉਨ੍ਹਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਭੇਜਣੀ ਸ਼ੁਰੂ ਕੀਤੀ ਜਾ ਸਕੇ।

RELATED ARTICLES
POPULAR POSTS