
ਅਣ-ਐਲਾਣੇ ਬਿਜਲੀ ਕੱਟਾਂ ਕਰਕੇ ਕਿਸਾਨਾਂ ਦੀ ਵਧੀ ਪ੍ਰੇਸ਼ਾਨੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਦਾ ਕਹਿਰ ਅੱਜ ਵੀ ਲਗਾਤਾਰ ਜਾਰੀ ਰਿਹਾ। ਗਰਮੀ ਕਰਕੇ ਝੋਨੇ ਦੀ ਲਵਾਈ ਕਰਨ ਵਾਲੇ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬੇ ਵਿੱਚ ਲੱਗ ਰਹੇ ਅਣ ਐਲਾਣੇ ਬਿਜਲੀ ਕੱਟਾਂ ਕਰਕੇ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰ ਅਤੇ ਵਪਾਰੀ ਵਰਗ ਸਣੇ ਹਰੇਕ ਵਰਗ ਦੇ ਲੋਕਾਂ ਨੂੰ ਵੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ 29 ਜੂਨ ਸੋਮਵਾਰ ਨੂੰ ਸੂਬੇ ਵਿੱਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਦੇ ਨਜ਼ਦੀਕ 16,940 ਮੈਗਾਵਾਟ ’ਤੇ ਪਹੁੰਚ ਗਈ। ਲਗਾਤਾਰ ਵਧ ਰਹੀ ਬਿਜਲੀ ਦੀ ਮੰਗ ਨੇ ਪਾਵਰ ਕੌਮ ਦੇ ਅਧਿਕਾਰੀਆਂ ਦੇ ਹੱਥ ਵੀ ਖੜੇ੍ਹ ਕਰਾ ਦਿੱਤੇ ਹਨ। ਉਧਰ ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਭਲਕੇ 30 ਜੂਨ ਨੂੰ ਵੀ ਸੂਬੇ ਵਿੱਚ ਗਰਮੀ ਦਾ ਕਹਿਰ ਇਸੇ ਤਰ੍ਹਾਂ ਜਾਰੀ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ 1 ਜੁਲਾਈ ਤੋਂ ਮੌਸਮ ਦਾ ਮਿਜ਼ਾਜ ਬਦਲੇਗਾ। ਇਸ ਦੌਰਾਨ 1 ਜੁਲਾਈ ਤੋਂ 4 ਜੁਲਾਈ ਤੱਕ ਪੰਜਾਬ ਦੇ ਕਈ ਇਲਾਕਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਕਈ ਥਾਵਾਂ ’ਤੇ ਹਲਕਾ ਅਤੇ ਕਈ ਥਾਵਾਂ ’ਤੇ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।

