
ਕਾਂਗਰਸ ਦੇ ਕਈ ਸੀਨੀਅਰ ਆਗੂਆਂ ਨੇ ਹਾਈਕਮਾਨ ਦਾ ਨਹੀਂ ਕੀਤਾ ਧੰਨਵਾਦ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਹਾਈਕਮਾਨ ਵਲੋਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਿਆਰ ਕੀਤੇੇ ਗਏ ‘ਪੰਜਾਬ ਫਾਰਮੂਲੇ’ ਤੋਂ ਬਹੁਤੇ ਆਗੂ ਖੁਸ਼ ਨਹੀਂ ਜਾਪਦੇ ਹਨ। ਹਾਈਕਮਾਨ ਨੇ ਲੰਘੇ ਕੱਲ੍ਹ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਅਹੁਦਾ ਬਰਕਰਾਰ ਰੱਖਿਆ ਹੈ। ਜਦੋਂ ਕਿ ਚਾਰ ਨਵੀਆਂ ਕਮੇਟੀਆਂ ਦਾ ਗਠਨ ਕਰਕੇ ਸਭ ਨੂੰ ਖੁਸ਼ ਕਰਨ ਦਾ ਯਤਨ ਕੀਤਾ ਹੈ। ਰਾਜਾ ਵੜਿੰਗ ਨੇ ਪ੍ਰਧਾਨਗੀ ਦਾ ਅਹੁਦਾ ਬਰਕਰਾਰ ਰਹਿਣ ’ਤੇ, ਹਾੲਕੀਮਾਨ ਦਾ ਧੰਨਵਾਦ ਕੀਤਾ ਹੈ। ਪੰਜਾਬ ਕਾਂਗਰਸ ਵਿਚ ਹਾਈਕਮਾਨ ਦੀ ਨਵੀਂ ਸੂਚੀ ਜਾਰੀ ਹੋਣ ਤੋਂ ਬਾਅਦ ਖਾਮੋਸ਼ੀ ਬਣੀ ਹੋਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਥਾਪਿਆ ਗਿਆ ਹੈ, ਪਰ ਉਹ ਪ੍ਰਧਾਨਗੀ ਦੇ ਦਾਅਵੇਦਾਰ ਸਨ। ਪ੍ਰਧਾਨਗੀ ਦੀ ਕਤਾਰ ਵਿਚ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਪਰਗਟ ਸਿੰਘ ਵੀ ਸ਼ਾਮਲ ਸਨ। ਇਸਦੇ ਚੱਲਦਿਆਂ ਚੰਨੀ, ਰੰਧਾਵਾ ਅਤੇ ਪਰਗਟ ਸਿੰਘ ਨੇ ਹਾਈਕਮਾਨ ਦਾ ਧੰਨਵਾਦ ਕਰਨ ਲਈ ਕੋਈ ਪੋਸਟ ਸਾਂਝੀ ਨਹੀਂ ਕੀਤੀ ਹੈ।

