
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਅਦਬੀ ਦੇ ਮਾਮਲਿਆਂ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਚੀਮਾ ਨੇ ਚੰਡੀਗੜ੍ਹ ’ਚ ਮੀਡੀਆ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਪੁਲਿਸ ਵੱਲੋਂ ਬਰਗਾੜੀ ਅਤੇ ਬਹਿਬਲ ਕਲਾਂ ਮਾਮਲੇ ਵਿੱਚ ਕਈ ਚਾਰਜਸ਼ੀਟਾਂ ਪਹਿਲਾਂ ਵੀ ਦਾਇਰ ਕਰ ਦਿੱਤੀਆਂ ਸਨ। ਹਰੇਕ ਚਾਰਜ ਸ਼ੀਟ ਵਿੱਚ ਦਾਅਵਾ ਕੀਤਾ ਜਾਂਦਾ ਸੀ ਕਿ ਮਾਮਲੇ ਦੀ ਜਾਂਚ ਹਾਲੇ ਜਾਰੀ ਹੈ। ਉਹਨਾਂ ਕਿਹਾ ਕਿ ਬੇਅਦਬੀ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਆਖਰੀ ਪੜਾਅ ਵਿੱਚ ਪਹੁੰਚ ਚੁੱਕੀ ਹੈ। ਹੁਣ ਬੇਅਦਬੀ ਦੇ ਮਾਮਲੇ ਦੇ ਮੁਲਜ਼ਮਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਜਾਂ ਅਜਿਹੀਆਂ ਘਟਨਾਵਾਂ ਵਿੱਚ ਸਿੱਧੇ ਜਾਂ ਅਸਿੱਧੇ ਢੰਗ ਨਾਲ ਸ਼ਾਮਿਲ ਹਰ ਵਿਅਕਤੀ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

