
ਕਿਹਾ : ‘ਸਤਲੁਜ’ ਉਤੇ ਪਾਬੰਦੀ ਨਫਰਤ ਦਾ ਪ੍ਰਮਾਣ
ਚੰਡੀਗੜ੍ਹ/ਬਿਊਰੋ ਨਿਊਜ਼
ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਨੂੰ ਜੀ-5 ਪਲੇਟਫਾਰਮ ਤੋਂ ਹਟਾਏ ਜਾਣ ਤੋਂ ਬਾਅਦ ਪੰਜਾਬ ਵਿਚ ਇਕ ਵਾਰ ਫਿਰ ਭਾਰਤੀ ਜਨਤਾ ਪਾਰਟੀ ਸਿਆਸੀ ਨਿਸ਼ਾਨੇ ’ਤੇ ਆ ਗਈ ਹੈ। ਆਮ ਆਦਮੀ ਪਾਰਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਭਾਜਪਾ ਦੀ ਇਸ ਕਾਰਵਾਈ ਨੂੰ ਸ਼ਰਮਨਾਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਸਤਲੁਜ’ ਉਤੇ ਪਾਬੰਦੀ ਲਗਾਏ ਜਾਣ ਨਾਲ ਭਾਜਪਾ ਦਾ ਅਸਲੀ ਚਿਹਰਾ ਬੇਪਰਦ ਹੋ ਗਿਆ ਹੈ ਅਤੇ ਭਾਜਪਾ ਦੀ ਪੰਜਾਬ ਪ੍ਰਤੀ ਨਫਰਤ ਦੀ ਇਹ ਵੀ ਇਕ ਝਲਕ ਹੈ। ਕੰਗ ਨੇ ਕਿਹਾ ਕਿ ਜਦੋਂ ਕੋਈ ਮੁਲਕ ਆਪਣੇ ਇਤਿਹਾਸ ਤੋਂ ਡਰਨ ਲੱਗ ਪੈਂਦਾ ਹੈ ਤਾਂ ਸੈਂਸਰਸ਼ਿਪ ਉਸਦਾ ਖਤਰਨਾਕ ਹਥਿਆਰ ਬਣ ਜਾਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਫਿਲਮ ਨੂੰ ਬਿਨਾ ਦੇਰੀ ਤੋਂ ਬਹਾਲ ਕੀਤਾ ਜਾਵੇ। ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ 1980-90 ਦੇ ਦਹਾਕੇ ਦੌਰਾਨ ਕਥਿਤ ਮਨੁੱਖੀ ਅਧਿਕਾਰਾਂ ਦੀਆਂ ਉਲੰਘਣਾਵਾਂ ਨੂੰ ਦਰਸਾਉਂਦੀ ਇਹ ਫਿਲਮ ਜਸਵੰਤ ਸਿੰਘ ਖਾਲੜਾ ਦੇ ਦਲੇਰਾਨਾ ਸੰਘਰਸ਼ ਨੂੰ ਰੂਬਰੂ ਕਰਦੀ ਹੈ। ਉਧਰ ਦੂਜੇ ਪਾਸੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਉਹ ਜਲਦ ਹੀ ਇਸ ਬਾਰੇ ਕੇਂਦਰੀ ਲੀਡਰਸ਼ਿਪ ਨਾਲ ਗੱਲ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸੰਵੇਦਨਸ਼ੀਲ ਮਾਮਲੇ ’ਤੇ ਕੇਂਦਰ ਸਰਕਾਰ ਨਾਲ ਸਿੱਧੀ ਗੱਲਬਾਤ ਕਰਾਂਗੇ।

