
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਦੀ ਹੜਤਾਲ ਹੁਣ ਸਮਾਪਤ ਹੋ ਗਈ ਹੈ। ਇਸਦੇ ਚੱਲਦਿਆਂ ਪੰਜਾਬ ਸਰਕਾਰ ਨੇ ਨਵੇਂ ਡੀ.ਸੀ. ਰੇਟ ਦੇ ਅਨੁਸਾਰ ਤਨਖਾਹ ਜਾਰੀ ਕਰਨ ਸਬੰਧੀ ਪੱਤਰ ਵੀ ਬੱਸਾਂ ਦੇ ਸਾਰੇ ਡਿਪੂਆਂ ਨੂੰ ਭੇਜ ਦਿੱਤਾ ਹੈ। ਇਸ ਤੋਂ ਬਾਅਦ ਕਰਮਚਾਰੀ ਯੂਨੀਅਨ ਨੇ ਹੜਤਾਲ ਸਮਾਪਤ ਕਰਨ ਦਾ ਫੈਸਲਾ ਲਿਆ। ਮੀਡੀਆ ਰਿਪੋਰਟਾਂ ਮੁਤਾਬਕ ਯੂਨੀਅਨ ਦੇ ਪ੍ਰਧਾਨ ਰੇਸ਼ਮਜੀਤ ਸਿੰਘ ਗਿੱਲ ਨੇ ਇਸ ਸਬੰਧੀ ਪੁਸ਼ਟੀ ਕੀਤੀ ਹੈ। ਇਸ ਤੋਂ ਪਹਿਲਾਂ ਅੱਜ ਸਵੇਰੇ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਸੀ। ਨਵਾਂ ਡੀਸੀ ਰੇਟ ਲਾਗੂ ਹੋਣ ਨਾਲ ਕਰਮਚਾਰੀਆਂ ਦੀ ਮਹੀਨਾਵਾਰ ਤਨਖਾਹ ਵਿਚ ਕਰੀਬ 1800 ਰੁਪਏ ਦਾ ਵਾਧਾ ਹੋਵੇਗਾ।

