
ਜਲੰਧਰ ’ਚ ਰੇਲ-ਸੜਕ ਨੈਟਵਰਕ ਦਾ ਵੀ ਹੋਵੇਗਾ ਉਦਘਾਟਨ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 17 ਜੁਲਾਈ, ਦਿਨ ਸ਼ੁੱਕਰਵਾਰ ਨੂੰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਇਕ ਰੋਜ਼ਾ ਅਹਿਮ ਦੌਰੇ ’ਤੇ ਪਹੁੰਚ ਰਹੇ ਹਨ। ਇਸ ਦੌਰਾਨ ਪੀਐਮ ਮੋਦੀ ਇਨ੍ਹਾਂ ਤਿੰਨਾਂ ਖੇਤਰਾਂ ਵਿਚ ਕੁੱਲ 26,800 ਕਰੋੜ ਰੁਪਏ ਤੋਂ ਵੀ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਵੀ ਰੱਖਣਗੇ। ਪੀਐਮ ਦੇ ਇਸ ਦੌਰੇ ਨਾਲ ਖੇਤਰ ਵਿਚ ਸਿਹਤ, ਸਿੱਖਿਆ, ਰੇਲਵੇ ਅਤੇ ਸੜਕੀ ਬੁਨਿਆਦੀ ਢਾਂਚੇ ਨੂੰ ਇਕ ਵੱਡਾ ਹੁਲਾਰਾ ਮਿਲਣ ਦੀ ਉਮੀਦ ਹੈ। ਜਿਸ ਨਾਲ ਆਮ ਲੋਕਾਂ ਦੇ ਨਾਲ-ਨਾਲ ਵਪਾਰਕ ਵਰਗ ਨੂੰ ਵੀ ਵੱਡੀ ਸਹੂਲਤ ਮਿਲੇਗੀ। ਪ੍ਰਧਾਨ ਮੰਤਰੀ ਆਪਣੇ ਦੌਰੇ ਦੀ ਸ਼ੁਰੂਆਤ ਸਵੇਰੇ 11 ਵਜੇ ਹਰਿਆਣਾ ਦੇ ਜੀਂਦ ਰੇਲਵੇ ਸਟੇਸ਼ਨ ਤੋਂ ਕਰਨਗੇ, ਜਿੱਥੇ ਉਹ ਜੀਂਦ ਅਤੇ ਸੋਨੀਪਤ ਵਿਚਕਾਰ ਚੱਲਣ ਵਾਲੀ ਦੇਸ਼ ਦੀ ਪਹਿਲੀ ‘ਹਾਈਡਰੋਨ ਟਰੇਨ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਤੋਂ ਬਾਅਦ ਪੀਐਮ ਮੋਦੀ ਕਈ ਪ੍ਰਾਜੈਕਟ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਕਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਵੀ ਰੱਖਣਗੇ। ਇਸ ਤੋਂ ਬਾਅਦ ਮੋਦੀ ਦੋ ਵਜੇ ਚੰਡੀਗੜ੍ਹ ਪਹੁੰਚਣਗੇ ਅਤੇ ਕਈ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ। ਆਪਣੇ ਦੌਰੇ ਦੇ ਆਖਰੀ ਪੜ੍ਹਾਅ ਦੌਰਾਨ ਪ੍ਰਧਾਨ ਮੰਤਰੀ ਮੋਦੀ ਜਲੰਧਰ ਪਹੁੰਚਣਗੇ ਅਤੇ ਰੇਲ ਤੇ ਸੜਕੀ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਦੇਖਦਿਆਂ ਪੁਲਿਸ ਨੇ ਸੁਰੱਖਿਆ ਦੇ ਸਖਤ ਪ੍ਰਬੰਧ ਕਰ ਦਿੱਤੇ ਹਨ ਅਤੇ ਵੱਡੀ ਗਿਣਤੀ ਵਿਚ ਸੁਰੱਖਿਆ ਬਲ ਤੈਨਾਤ ਕਰ ਦਿੱਤੇ ਗਏ ਹਨ। ਇਸਦੇ ਚੱਲਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖੁਦ ਜਲੰਧਰ ਵਿਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ।

