
ਬਿਕਰਮ ਸਿੰਘ ਮਜੀਠੀਆ ਸਣੇ ਵੱਡੀ ਗਿਣਤੀ ’ਚ ਅਕਾਲੀ ਵਰਕਰ ਰਹੇ ਹਾਜ਼ਰ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਬਣਾਈ ਗਈ ਐਸ.ਆਈ.ਟੀ. (ਸਿੱਟ) ਅੱਗੇ ਪੇਸ਼ ਹੋਏ ਹਨ। ਸਿੱਟ ਨੇ ਸੁਖਬੀਰ ਬਾਦਲ ਨੂੰ ਨੋਟਿਸ ਜਾਰੀ ਕਰਕੇ ਅੱਜ 20 ਜੁਲਾਈ ਨੂੰ ਸਵੇਰੇ 11 ਵਜੇ ਪੰਜਾਬ ਪੁਲਿਸ ਅਫਸਰਸ਼ ਇੰਸਟੀਚਿਊਟ, ਸੈਕਟਰ-32, ਚੰਡੀਗੜ੍ਹ ਵਿਖੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਵੀ ਮੌਜੂਦ ਰਹੇ। ਸਿੱਟ ਅੱਗੇ ਪੇਸ਼ ਹੋਣ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਮਾਮਲੇ ਵਿਚ ਸਿਆਸਤ ਕਰਨ ’ਚ ਲੱਗੀ ਹੋਈ ਹੈ। ਜ਼ਿਕਰਯੋਗ ਹੈ ਕਿ ਸਾਲ 2015 ਵਿਚ ਬਰਗਾੜੀ ਵਿਖੇ ਹੋਈ ਬੇਅਦਬੀ ਦੀ ਘਟਨਾ ਦੇ ਰੋਸ ਵਜੋਂ ਬਹਿਬਲ ਕਲਾਂ ਵਿਖੇ ਸ਼ਾਂਤਮਈ ਰੋਸ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ’ਤੇ ਪੁਲਿਸ ਵਲੋਂ ਕੀਤੀ ਗਈ ਗੋਲੀਬਾਰੀ ਵਿਚ ਦੋ ਵਿਅਕਤੀਆਂ ਦੀ ਜਾਨ ਚਲੇ ਗਈ ਸੀ। ਇਸ ਮਾਮਲੇ ਦੀ ਜਾਂਚ ਲਈ ਗਠਿਤ ਐਸ.ਆਈ.ਟੀ. ਲਗਾਤਾਰ ਸਬੂਤਾਂ ਨੂੰ ਖੰਗਾਲ ਰਹੀ ਹੈ ਅਤੇ ਇਸੇ ਲੜੀ ਤਹਿਤ ਹੁਣ ਸੁਖਬੀਰ ਸਿੰਘ ਬਾਦਲ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ 2015 ਵਿਚ ਪੰਜਾਬ ’ਚ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਗਠਜੋੜ ਦੀ ਸਰਕਾਰ ਸੀ ਅਤੇ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸਨ ਤੇ ਡਿਪਟੀ ਮੁੱਖ ਮੰਤਰੀ ਦਾ ਅਹੁਦਾ ਅਤੇ ਗ੍ਰਹਿ ਮੰਤਰਾਲਾ ਸੁਖਬੀਰ ਸਿੰਘ ਬਾਦਲ ਕੋਲ ਸੀ।
ਸੁਖਬੀਰ ਸਿੰਘ ਬਾਦਲ ਨੇ ਸੱਤਾਧਾਰੀ ਧਿਰ ’ਤੇ ਲੋਕਾਂ ਦਾ ਧਿਆਨ ਭਟਕਾਉਣ ਦੇ ਲਗਾਏ ਇਲਜ਼ਾਮ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਸਿੱਟ’ ਅੱਗੇ ਪੇਸ਼ ਹੋਣ ਤੋਂ ਬਾਅਦ ਮੀਡੀਆ ਨਾਲ ਵੀ ਗੱਲਬਾਤ ਕੀਤੀ ਹੈ। ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਇਲਜ਼ਾਮ ਲਗਾਇਆ ਕਿ ਉਹ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ‘ਸਿੱਟ’ ਵੀ ਸਿਆਸੀ ਲੜਾਈ ਲੜਨ ਲਈ ਬਣਾਈ ਗਈ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਬੇਅਦਬੀ ਮਾਮਲੇ ਵਿਚ ਚੌਥੀ ਵਾਰ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਦੋਂ ਵੀ ਬੁਲਾਇਆ ਗਿਆ, ਉਹ ਉਸ ਸਮੇਂ ਪੇਸ਼ ਹੋਣ ਲਈ ਪਹੁੰਚੇ ਹਨ ਅਤੇ ਅੱਗੋਂ ਵੀ ਜਿੱਥੇ ਉਨ੍ਹਾਂ ਦੀ ਲੋੜ ਪਵੇਗੀ, ਉਹ ਜ਼ਰੂਰ ਜਾਣਗੇ। ਉਨ੍ਹਾਂ ਕਿਹਾ ਕਿ 11 ਸਾਲਾਂ ਤੋਂ ਐਸ.ਆਈ.ਟੀ. ਦੀ ਜਾਂਚ ਹੀ ਖਤਮ ਨਹੀਂ ਹੋਈ। ਸੁਖਬੀਰ ਨੇ ਪੰਜਾਬ ਸਰਕਾਰ ਨੂੰ ਸਪੱਸ਼ਟ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨਾ ਤਾਂ ਡਰੇਗਾ ਅਤੇ ਨਾ ਹੀ ਝੁਕੇਗਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਦੇ ਨਾਲ ਬਿਕਰਮ ਸਿੰਘ ਮਜੀਠੀਆ, ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ ਸਣੇ ਕਈ ਅਕਾਲੀ ਆਗੂ ਮੌਜੂਦ ਰਹੇ।

