
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿਚ ਵੱਡਾ ਸਿਆਸੀ ਭੂਚਾਲ ਆ ਗਿਆ ਹੈ। ਚੰਡੀਗੜ੍ਹ ਵਿਚ ਪਾਰਟੀ ਦੇ 15 ਤੋਂ ਜ਼ਿਆਦਾ ਸੀਨੀਅਰ ਆਗੂਆਂ ਨੇ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਵਿਚ ਵੱਖਰਾ ਗੁੱਟ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਇਸਦੇ ਨਾਲ ਹੀ ਨਰਾਜ਼ ਆਗੂਆਂ ਨੇ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੀ ਪਾਰਟੀ ‘ਵਾਰਿਸ ਪੰਜਾਬ ਦੇ’ ਨੂੰ ਸਮਰਥਨ ਦੇਣ ਦਾ ਐਲਾਨ ਵੀ ਕਰ ਦਿੱਤਾ। ਇਸ ਮੌਕੇ ਇਨ੍ਹਾਂ ਸਾਰੇ ਆਗੂਆਂ ਨੇ ਕਿਹਾ ਕਿ ਸੰਗਠਨ ਵਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਸ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਸਮਾਗਮ ਵਿਚ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਸਣੇ ਕਈ ਪ੍ਰਮੁੱਖ ਆਗੂ ਮੌਜੂਦ ਰਹੇ। ਇਨ੍ਹਾਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਪੰਜਾਬ, ਪੰਥ ਅਤੇ ਕਿਸਾਨਾਂ ਦੇ ਹਿੱਤਾਂ ਦੇ ਲਈ ਕੰਮ ਕਰਨਾ ਹੈ ਅਤੇ ਉਹ ਇਸੇ ਏਜੰਡੇ ਦੇ ਨਾਲ ਅੱਗੇ ਵਧਣਗੇ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਹੋਂਦ ’ਚ ਆਏ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਲਗਾਤਾਰ ਸਿਆਸੀ ਝਟਕੇ ਲੱਗ ਰਹੇ ਹਨ। ਇਸ ਤੋਂ ਪਹਿਲਾਂ ਮਨਪ੍ਰੀਤ ਸਿੰਘ ਇਆਲੀ, ਸੁਰਜੀਤ ਸਿੰਘ ਰੱਖੜਾ, ਚਰਨਜੀਤ ਸਿੰਘ ਬਰਾੜ, ਪਰਮਜੀਤ ਕੌਰ ਲਾਂਡਰਾਂ ਅਤੇ ਹੋਰ ਕਈ ਆਗੂ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲੋਂ ਵੱਖ ਹੋ ਚੁੱਕੇ ਹਨ।
ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ ’ਚੋਂ ਕੱਢਿਆ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਅਨੁਸ਼ਾਸ਼ਨੀ ਕਮੇਟੀ ਦੀ ਸਿਫਾਰਸ਼ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਇਕਬਾਲ ਸਿੰਘ ਝੂੰਦਾ ਨੂੰ ਜਥੇਬੰਦੀ ਦੀ ਮੁੱਢਲੀ ਮੈਂਬਰਸ਼ਿਪ ਤੋਂ 6 ਸਾਲਾਂ ਲਈ ਬਾਹਰ ਕਰ ਦਿੱਤਾ ਗਿਆ ਹੈ। ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਇਹ ਨਿਰਦੇਸ਼ ਤੁਰੰਤ ਪ੍ਰਭਾਵ ਨਾਲ ਲਾਗੂ ਸਮਝੇ ਜਾਣ। ਵਡਾਲਾ ਨੇ ਇਹ ਵੀ ਦੱਸਿਆ ਕਿ ਪਾਰਟੀ ਅਨੁਸ਼ਾਸਨ ਦੇ ਵਿਰੁੱਧ ਜਾਂਦਿਆਂ ਪਹਿਲਾਂ ਵੀ ਝੂੰਦਾ ਨੇ ਆਪਣੇ ਤੌਰ ’ਤੇ ਦੋ ਮੀਟਿੰਗਾਂ ਕੀਤੀਆਂ ਸਨ ਅਤੇ ਹੋਰਨਾਂ ਆਗੂਆਂ ਅਤੇ ਵਰਕਰਾਂ ਨੂੰ ਗੁੰਮਰਾਹ ਕਰਕੇ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਝੂੰਦਾ ਨੇ ਦੂਜੀਆਂ ਪਾਰਟੀਆਂ ਨਾਲ ਮਿਲ ਕੇ ਚੱਲਣ ਦਾ ਐਲਾਨ ਕੀਤਾ ਹੈ, ਜਦੋਂ ਕਿ ਜਥੇਬੰਦੀ ਵਲੋਂ ਪਹਿਲਾਂ ਹੀ ਦੂਜੀਆਂ ਪੰਥਕ ਧਿਰਾਂ ਨਾਲ ਏਕਤਾ ਕਰਨ ਲਈ ਇਕ ਤਾਲਮੇਲ ਕਮੇਟੀ ਬਣਾਈ ਹੋਈ ਹੈ, ਜੋ ਆਪਣਾ ਕੰਮ ਬਹੁਤ ਸੁਚੱਜੇ ਢੰਗ ਨਾਲ ਕਰ ਰਹੀ ਹੈ।

