
ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਵਾਲੇ ਸਕੂਲੀ ਬਸਤਿਆਂ ਦੀ ਵੰਡ ਸ਼ੁਰੂ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੇ ਕਰੀਬ ਚਾਰ ਲੱਖ ਵਿਦਿਆਰਥੀਆਂ ਨੂੰ ਮੁਫਤ ਸਕੂਲੀ ਬਸਤਿਆਂ ਦੀ ਵੰਡ ਆਰੰਭ ਹੋ ਗਈ ਹੈ। ਇਹ ਬਸਤੇ ਕੇਸਰੀ ਰੰਗ ਵਿੱਚ ਰੰਗੇ ਹੋਏ ਹਨ ਅਤੇ ਇਨ੍ਹਾਂ ਉੱਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਛਪੀ ਹੋਈ ਹੈ। ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਅੱਜ ਸਕੂਲ ਸਟਾਫ ਵੱਲੋਂ ਇਹ ਬੈਗ ਵੰਡੇ ਗਏ। ਇਨ੍ਹਾਂ ਬੈਗਾਂ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਛਪੀ ਹੋਈ ਹੈ ਅਤੇ ਨਾਲ ਹੀ ‘ਪੰਜਾਬ ਸਿੱਖਿਆ ਕ੍ਰਾਂਤੀ’ ਲਿਖਿਆ ਹੋਇਆ ਹੈ। ਇਨ੍ਹਾਂ ਬਸਤਿਆਂ ਦਾ ਰੰਗ ਵੀ ਕੇਸਰੀ ਹੈ। ਪੰਜਾਬ ਸਰਕਾਰ ਦੇ ਨਿਰਦੇਸ਼ਾਂ ਉੱਤੇ ਸਮੁੱਚੇ ਬੈਗ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਤਿਆਰ ਕਰਵਾਏ ਗਏ ਹਨ। ਇਸਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਸਕੂਲੀ ਬੈਗਾਂ ਉੱਤੇ ਭਗਵੰਤ ਮਾਨ ਦੀ ਫੋਟੋ ਨੂੰ ਲੈ ਕੇ ਸਵਾਲ ਚੁੱਕੇ ਹਨ। ਅਕਾਲੀ ਦਲ ਦੇ ਆਗੂਆਂ ਦਾ ਇਲਜ਼ਾਮ ਹੈ ਕਿ ਮੁੱਖ ਮੰਤਰੀ ਮਾਨ ਸਿੱਖਿਆ ਦਾ ਸਿਆਸੀਕਰਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਪੇ-ਅਧਿਆਪਕ ਮੀਟਿੰਗਾਂ ਸਮੇਂ ਵੀ ਬੱਚਿਆਂ ਨੂੰ ਮੁੱਖ ਮੰਤਰੀ ਦੀਆਂ ਫੋਟੋਆਂ ਵਾਲੇ ਕਿਤਾਬਚੇ ਵੰਡੇ ਜਾਂਦੇ ਹਨ।

