
ਕਿਹਾ : ਪੇਪਰ ਲੀਕ ਮਾਮਲੇ ’ਤੇ ਕੈਬਨਿਟ ਲਵੇਗੀ ਸਖਤ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਤ 12 ਵਜੇ ਵਿਦਿਆਰਥੀਆਂ ਦੇ ਲਈ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੇਪਰ ਲੀਕ ਦੇ ਖਿਲਾਫ ਸਖਤ ਤੋਂ ਸਖਤ ਸਜ਼ਾ ਦਾ ਕਾਨੂੰਨ ਬਣਾਏਗੀ। ਪੀਐਮ ਨੇ ਦੱਸਿਆ ਕਿ ਇਸ ਕਾਨੂੰਨ ਨੂੰ ਕੈਬਨਿਟ ਦੀ ਮਨਜੂਰੀ ਮਿਲਣ ਤੋਂ ਬਾਅਦ ਅਗਲੇ ਹਫਤੇ ਸੰਸਦ ਵਿਚ ਪੇਸ਼ ਕੀਤਾ ਜਾਵੇਗਾ ਅਤੇ ਨਾਲ ਹੀ ਇਸ ਨੂੰ ਜਲਦ ਪਾਸ ਕਰਾਉਣ ਦੀ ਕੋਸ਼ਿਸ਼ ਕਰਾਂਗੇ। ਪੀਐਮ ਮੋਦੀ ਨੇ ਕਿਹਾ ਕਿ ਪੇਪਰ ਲੀਕ ਕੋਈ ਮਾਮੂਲੀ ਵਿਸ਼ਾ ਨਹੀਂ ਹੈ। ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਇਹ ਦੁਖਦਾਈ ਹੈ। ਇਸ ਲਈ ਪੇਪਰ ਲੀਕ ਮਾਮਲੇ ਤੋਂ ਹੁਣ ਤੱਕ, ਪਿਛਲੇ ਢਾਈ ਮਹੀਨਿਆਂ ਦੌਰਾਨ ਕਈ ਕਦਮ ਉਠਾਏ ਗਏ ਹਨ। ਉਨ੍ਹਾਂ ਕਿਹਾ ਕਿ ਸਾਡੀ ਜ਼ਿੰਮੇਵਾਰੀ ਸੀ ਕਿ ਵਿਦਿਆਰਥੀਆਂ ਦਾ ਸਾਲ ਬਰਬਾਦ ਨਾ ਹੋਵੇ ਅਤੇ ਇਸ ਲਈ ਘੱਟ ਸਮੇਂ ਵਿਚ 22 ਲੱਖ ਵਿਦਿਆਰਥੀਆਂ ਦੀ ਪ੍ਰੀਖਿਆ ਲਈ ਗਈ ਹੈ ਅਤੇ ਲੰਘੀ 19 ਜੁਲਾਈ ਨੂੰ ਇਸ ਪ੍ਰੀਖਿਆ ਦਾ ਨਤੀਜਾ ਵੀ ਆ ਚੁੱਕਾ ਹੈ। ਪੀਐਮ ਨੇ ਇਹ ਵੀ ਦੱਸਿਆ ਕਿ ਪੇਪਰ ਲੀਕ ਮਾਮਲੇ ਵਿਚ ਫਾਸਟ ਟਰੈਕ ਕੋਰਟ ਬਣਾਉਣ ਦਾ ਵੀ ਨਿਰਦੇਸ਼ ਦਿੱਤਾ ਗਿਆ ਹੈ। ਇਸੇ ਦੌਰਾਨ ਸੁਪਰੀਮ ਕੋਰਟ ਨੇ ਵੀ ਕੇਂਦਰ ਸਰਕਾਰ ਕੋੋਲੋਂ ਪੇਪਰ ਲੀਕ ਮਾਮਲੇ ਦੀ ਜਾਂਚ ਰਿਪੋਰਟ ਮੰਗ ਲਈ ਹੈ।

