
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਮਾਰੂਤੀ-ਸੁਜ਼ੂਕੀ ਇੰਡੀਆ ਨੇ ਮੌਜੂਦਾ ਵਿੱਤੀ ਸਾਲ ਵਿਚ ਕਰੀਬ 9 ਲੱਖ ਸੀ.ਐਨ.ਜੀ. ਵਾਹਨ ਵੇਚਣ ਦਾ ਟੀਚਾ ਰੱਖਿਆ ਹੈ। ਕੰਪਨੀ ਦਾ ਮੰਨਣਾ ਹੈ ਕਿ ਪੱਛਮੀ ਏਸ਼ੀਆ ਵਿਚ ਚੱਲ ਰਹੀ ਜੰਗ ਤੋਂ ਬਾਅਦ ਤੇਲ ਦੀਆਂ ਕੀਮਤਾਂ ਵਿਚ ਵਾਧੇ ਕਾਰਨ ਸੀ.ਐਨ.ਜੀ. ਵਾਹਨਾਂ ਦੀ ਮੰਗ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ। ਮਾਰੂਤੀ-ਸੁਜ਼ੂਕੀ ਇੰਡੀਆ ਦੇ ਸੀਨੀਅਰ ਕਾਰਜਕਾਰੀ ਅਧਿਕਾਰੀ ਪਾਰਥੋ ਬੈਨਰਜੀ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਵਿਚ ਕੰਪਨੀ ਨੇ ਵੱਖ-ਵੱਖ ਮਾਡਲ ਸ਼੍ਰੇਣੀਆਂ ਵਿਚ 2.2 ਲੱਖ ਸੀ.ਐਨ.ਜੀ. ਵਾਹਨ ਵੇਚੇ ਹਨ, ਜੋ ਕਿ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 58 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਪੱਛਮੀ ਏਸ਼ੀਆਈ ਯੁੱਧ ਤੋਂ ਬਾਅਦ ਤੇਲ ਦੀਆਂ ਕੀਮਤਾਂ ਵਿਚ ਵਾਧੇ ਕਾਰਨ ਸੀ.ਐਨ.ਜੀ ਵਾਹਨਾਂ ਦੀ ਮੰਗ ਵਿਚ ਵਾਧਾ ਹੋਇਆ ਹੈ। ਮੌਜੂਦਾ ਵਿੱਤੀ ਸਾਲ ਲਈ ਸੀ.ਐਨ.ਜੀ. ਵਾਹਨ ਵਿਕਰੀ ਟੀਚੇ ਬਾਰੇ ਉਨ੍ਹਾਂ ਦੱਸਿਆ ਕਿ ਪਹਿਲੀ ਤਿਮਾਹੀ ਦੇ ਅੰਕੜਿਆਂ ਦੇ ਅਧਾਰ ’ਤੇ ਅਸੀਂ ਕਰੀਬ 9 ਲੱਖ ਯੂਨਿਟਾਂ ਦੀ ਵਿਕਰੀ ਦੀ ਉਮੀਦ ਕਰ ਰਹੇ ਹਾਂ।

