
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵਲੋਂ ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਕਰਨ ਦਾ ਫੈਸਲਾ ਕਰ ਲਿਆ ਹੈ। ਇਸਦੇ ਚੱਲਦਿਆਂ ਪੰਜਾਬ ਦੇ ਡੀਜੀਪੀ ਨੂੰ ਲਿਖੇ ਪੱਤਰ ਵਿਚ ਸੀਚੇਵਾਲ ਨੇ ਆਪਣੀ ਸੁਰੱਖਿਆ ਵਿਚ ਤੈਨਾਤ ਜਵਾਨਾਂ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ। ਸੰਤ ਸੀਚੇਵਾਲ ਨੇ ਜਿੱਥੇ ਆਪਣੀ ਸੁਰੱਖਿਆ ਵਾਪਸੀ ਦਾ ਫੈਸਲਾ ਲਿਆ ਹੈ, ਉਥੇ ਪੰਜਾਬ ਦੀ ਅਮਨ-ਕਾਨੂੰਨ ਦੀ ਵਿਵਸਥਾ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਲਿਖਿਆ ਕਿ ਜ਼ਿਲ੍ਹਾ ਜਲੰਧਰ ਦੇ ਲੋਹੀਆਂ ਇਲਾਕੇ ਅਤੇ ਸੁਲਤਾਨਪੁਰ ਲੋਧੀ ਪਵਿੱਤਰ ਵੇਈਂ ਦੇ ਕਿਨਾਰੇ ਵਧ ਰਹੀਆਂ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਉਹ ਸੁਰੱਖਿਆ ਵਾਪਸ ਕਰਨੀ ਚਾਹੁੰਦੇ ਹਨ। ਜ਼ਿਕਰਯੋਗ ਹੈ ਕਿ ਸੀਚੇਵਾਲ ਦੇ ਨਾਲ 6 ਸੁਰੱਖਿਆ ਜਵਾਨਾਂ ਦੀ ਤੈਨਾਤੀ ਹੈ ਅਤੇ ਸ਼ੁਰੂ ਵਿਚ ਵੀ ਉਨ੍ਹਾਂ ਨੇ ਸੁਰੱਖਿਆ ਗਾਰਡ ਲੈਣ ਤੋਂ ਇਨਕਾਰ ਕੀਤਾ ਸੀ। ਸੀਚੇਵਾਲ ਨੇ ਡੀਜੀਪੀ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ ਸਾਨੂੰ ਕੋਈ ਖਤਰਾ ਨਹੀਂ ਹੈ ਅਤੇ ਸਾਡੇ ਨਾਲੋਂ ਆਮ ਲੋਕਾਂ ਨੂੰ ਸੁਰੱਖਿਆ ਦੀ ਜ਼ਿਆਦਾ ਲੋੜ ਹੈ। ਸੰਤ ਸੀਚੇਵਾਲ ਹੋਰਾਂ ਸਲਾਹ ਦਿੱਤੀ ਕਿ ਉਨ੍ਹਾਂ ਨਾਲ 6 ਸੁਰੱਖਿਆ ਮੁਲਾਜ਼ਮਾਂ ਵਿਚੋਂ 3 ਸੁਰੱਖਿਆ ਮੁਲਾਜ਼ਮ ਥਾਣਾ ਲੋਹੀਆਂ ਖਾਸ ਅਤੇ 3 ਮੁਲਾਜ਼ਮਾਂ ਦੀ ਤੈਨਾਤੀ ਥਾਣਾ ਸੁਲਤਾਨਪੁਰ ਲੋਧੀ ਵਿਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਦੀ ਲੋੜ ਲੋਕਾਂ ਦੀ ਹਿਫਾਜ਼ਤ ਲਈ ਥਾਣਿਆਂ ਵਿਚ ਜ਼ਿਆਦਾ ਹੈ।

