
ਆਮ ਆਦਮੀ ਪਾਰਟੀ ਦੇ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਨੇ ਸੌਂਪਿਆ ਇਹ ਖਰੜਾ
ਅੰਮਿ੍ਰਤਸਰ/ਬਿਊਰੋ ਨਿਊਜ਼
ਬੇਅਦਬੀ ਕਾਨੂੰਨ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਚਾਲੇ ਚੱਲ ਰਿਹਾ ਵਿਵਾਦ ਹੁਣ ਕਿਸੇ ਹੱਦ ਤੱਕ ਹੱਲ ਹੁੰਦਾ ਨਜ਼ਰ ਆ ਰਿਹਾ ਹੈ । ਲੰਘੀ 29 ਜੂਨ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ, ਕੈਬਨਿਟ ਮੰਤਰੀ ਅਤੇ ਵਿਧਾਇਕਾਂ ਨੂੰ ਸੱਦ ਕੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਰਕਾਰ ਨੂੰ ਬੇਅਦਬੀ ਕਾਨੂੰਨ ਵਿੱਚ ਵੱਖ-ਵੱਖ ਮੱਦਾਂ ’ਤੇ ਇਤਰਾਜ਼ ਜਤਾਏ ਗਏ ਸਨ। ਸ੍ਰੀ ਅਕਾਲ ਤਖਤ ਸਾਹਿਬ ਵਲੋਂ ਇਸ ਕਾਨੂੰੂਨ ’ਚ ਸੋਧ ਕਰਨ ਲਈ ਇੱਕ ਮਹੀਨੇ ਦਾ ਸਮਾਂ ਵੀ ਦਿੱਤਾ ਗਿਆ ਸੀ। ਅੱਜ 29 ਜੁਲਾਈ ਦਿਨ ਬੁੱਧਵਾਰ ਨੂੰ ਸਰਕਾਰ ਵੱਲੋਂ ਅੰਮਿ੍ਰਤਸਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਨੇ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੂੰ ਸਰਕਾਰ ਵੱਲੋਂ ਸੋਧੇ ਹੋਏ ਬਿੱਲ ਦਾ ਖਰੜਾ ਸੌਂਪਿਆ ਗਿਆ। ਇਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜੋ ਵੀ ਇਤਰਾਜ਼ ਕੀਤੇ ਗਏ ਸਨ, ਉਸ ਮੁਤਾਬਕ ਸੋਧਾਂ ਕੀਤੀਆਂ ਗਈਆਂ ਹਨ। ਇਸਦੇ ਚੱਲਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇਸ ਖਰੜੇ ਨੂੰ ਵਾਚਿਆ ਜਾਵੇਗਾ ਅਤੇ ਇਸ ਤੋਂ ਬਾਅਦ ਹੀ ਕੋਈ ਫੈਸਲਾ ਸਾਹਮਣੇ ਆਵੇਗਾ।

