
ਕਿਹਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਕੋਈ ਵੀ ਦੁਨਿਆਵੀ ਕਾਨੂੰਨ ਲਾਗੂ ਨਹੀਂ ਹੁੰਦਾ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ’ ਵਿੱਚ ਪ੍ਰਸਤਾਵਿਤ ਸੋਧਾਂ ’ਤੇ ਸਰਕਾਰ ਦੇ ਜਵਾਬ ਨੂੰ ‘ਅਸੰਤੁਸ਼ਟੀਜਨਕ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 29 ਜੂਨ ਨੂੰ ਜਦੋਂ ਪੰਜਾਬ ਵਿਧਾਨ ਸਭਾ ਦੇ ਸਿੱਖ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਨ ਅਤੇ ਉਹਨਾਂ ਨੇ ਇਤਰਾਜ਼ਯੋਗ ਮੱਦਾਂ ਹਟਾਉਣ ਲਈ ਜੋ ਸਹਿਮਤੀ ਦਿੱਤੀ ਸੀ, ਇਹ ਜਵਾਬ ਉਸਦੇ ਮੁਤਾਬਕ ਨਹੀਂ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ ਕੀਤੇ ਗਏ ਇਤਰਾਜ਼ਾਂ ਅਤੇ ਸੁਝਾਵਾਂ ’ਤੇ ਪੰਜਾਬ ਸਰਕਾਰ ਦੇ ਜਵਾਬ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਸਿੱਖਾਂ ਦੀ ਸਰਵਉੱਚ ਸੰਸਥਾ ਅਤੇ ਸਿੱਖ ਭਾਵਨਾਵਾਂ ਦੇ ਅਨੁਸਾਰ ਕਾਨੂੰਨ ਵਿੱਚ ਸੋਧ ਕਰਨ ਲਈ ਤਿਆਰ ਨਹੀਂ ਹੈ। ਜਥੇਦਾਰ ਅਨੁਸਾਰ, ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ ਕੀਤੇ ਗਏ ਇਤਰਾਜ਼ਾਂ ਅਤੇ ਸਿਫਾਰਸ਼ਾਂ ਵਿੱਚੋਂ ਸਿਰਫ ‘10 ਫੀਸਦੀ’ ਹੀ ਸਵੀਕਾਰ ਕੀਤੇ ਹਨ। ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿੱਚ ਸਰਕਾਰ ਦਾ ਜਵਾਬ ਤਸੱਲੀਬਖਸ਼ ਨਹੀਂ ਹੈ ਅਤੇ ਇਸ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਅਤੇ ਅੰਮਿ੍ਰਤਸਰ ਦੇ ਡਿਪਟੀ ਕਮਿਸ਼ਨਰ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੂੰ 24 ਪੰਨਿਆਂ ਦਾ ਜਵਾਬ ਸੌਂਪਿਆ ਗਿਆ ਸੀ।

