
15 ਦਿਨਾਂ ਵਿਚ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀ.ਏ. ਦਾ ਬਕਾਇਆ ਦੇਣ ਦੇ ਨਿਰਦੇਸ਼
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਸਿੰਘ ਮਾਨ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਟਕਾ ਦਿੰਦਿਆਂ ਸੂਬੇ ਦੇ ਕਰੀਬ 8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੈਂਡਿੰਗ ਪਿਆ ਡੀ.ਏ. (ਮਹਿੰਗਾਈ ਭੱਤਾ) ਦੇਣ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕਰ ਦਿੱਤਾ ਜੇਕਰ ਇਸ ਮਹੀਨੇ ਦੇ ਅੰਤ ਤੱਕ ਭੁਗਤਾਨ ਨਹੀਂ ਕੀਤਾ ਗਿਆ ਤਾਂ ਸਰਕਾਰ ਨੂੰ 6 ਫੀਸਦੀ ਵਿਆਜ਼ ਵੀ ਦੇਣਾ ਪਵੇਗਾ। ਹਾਈਕੋਰਟ ਨੇ ਸਰਕਾਰ ਨੂੰ ਉਦੋਂ ਤੱਕ ਵੱਡੇ ਪੱਧਰ ’ਤੇ ਇਸ਼ਤਿਹਾਰੀ ਮੁਹਿੰਮਾਂ ਚਲਾਉਣ ਤੋਂ ਰੋਕ ਦਿੱਤਾ ਹੈ, ਜਦੋਂ ਤੱਕ ਕਰਮਚਾਰੀਆਂ ਦਾ ਮਹਿੰਗਾਈ ਭੱਤਾ ਜਾਰੀ ਨਹੀਂ ਕੀਤਾ ਜਾਂਦਾ। ਅਦਾਲਤ ਨੇ ਇਸ ਮਾਮਲੇ ਸਬੰਧੀ ਮੁੱਖ ਸਕੱਤਰ ਤੋਂ ਰਿਪੋਰਟ ਵੀ ਮੰਗੀ ਹੈ। ਇਸ ਫੈਸਲੇ ਨਾਲ ਪੰਜਾਬ ਦੇ ਕਰਮਚਾਰੀਆਂ ਦੀ ਤਨਖਾਹ ਵਿਚ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਤੱਕ ਦਾ ਵਾਧਾ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਸਾਲ 2023 ਤੋਂ ਮਹਿੰਗਾਈ ਭੱਤੇ ਦੀ ਅਦਾਇਗੀ ਵਿਚ ਹੋ ਰਹੀ ਦੇਰੀ ਕਾਰਨ ਸਰਕਾਰੀ ਕਰਮਚਾਰੀ ਪ੍ਰੇਸ਼ਾਨ ਹਨ। ਸਰਕਾਰ ਨੇ ਇਸ ਪੂਰੇ ਮਾਮਲੇ ਦੌਰਾਨ ਮਹਿੰਗਾਈ ਭੱਤੇ ਦੀ ਅਦਾਇਗੀ ਦਾ ਲਗਾਤਾਰ ਵਿਰੋਧ ਕੀਤਾ ਹੈ ਅਤੇ ਹੁਣ ਇਸ ਗੱਲ ਦੀ ਸੰਭਾਵਨਾ ਹੈ ਕਿ ਪੰਜਾਬ ਸਰਕਾਰ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇ ਸਕਦੀ ਹੈ।

