
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਵਿਚ ਅੰਦਰੂਨੀ ਕਲੇਸ਼ ਦੇ ਚੱਲਦਿਆਂ ਹਾਈਕਮਾਨ ਨੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਫਿਟਕਾਰ ਲਗਾਈ ਹੈ। ਚੰਨੀ ਨੂੰ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਤਲਬ ਕਰ ਲਿਆ ਹੈ ਅਤੇ ਉਨ੍ਹਾਂ ਨੂੰ ਆਪਣੇ ਸਮਰਥਕਾਂ ਨੂੰ ਕੰਟਰੋਲ ਵਿਚ ਰੱਖਣ ਲਈ ਕਿਹਾ ਹੈ। ਵੇਣੂਗੋਪਾਲ ਨੇ ਪਾਰਟੀ ਦੇ ਸਮਾਗਮਾਂ ਵਿਚ ਹੋ ਰਹੀ ਨਾਅਰੇਬਾਜ਼ੀ ਅਤੇ ਪੋਸਟਰਬਾਜ਼ੀ ’ਤੇ ਸਵਾਲ ਵੀ ਖੜ੍ਹੇ ਕੀਤੇ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਵੇਣੂਗੋਪਾਲ ਨੇ ਚੰਨੀ ਨੂੰ ਕਿਹਾ ਕਿ 15 ਦਿਨਾਂ ਵਿਚ ਪਾਰਟੀ ਸਖਤ ਫੈਸਲਾ ਲੈ ਸਕਦੀ ਹੈ ਅਤੇ ਉਸ ਤੋਂ ਬਾਅਦ ਇਕ ਫਾਈਨਲ ਫਾਰਮੂਲਾ ਤਿਆਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਾਲੇ ਸਮਾਗਮਾਂ ਵਿਚ ਚੰਨੀ ਦੇ ਸਮਰਥਨ ’ਚ ਨਾਅਰੇ ਲੱਗ ਰਹੇ ਹਨ, ਇਸਦੇ ਬਾਵਜੂਦ ਵੀ ਉਨ੍ਹਾਂ ਨੂੰ ਤਰਜੀਹ ਨਹੀਂ ਦਿੱਤੀ ਜਾ ਰਹੀ। ਧਿਆਨ ਰਹੇ ਕਿ ਰਾਜਾ ਵੜਿੰਗ ਅਤੇ ਚਰਨਜੀਤ ਸਿੰਘ ਚੰਨੀ ਵਿਚਾਲੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਕਲੇਸ਼ ਚੱਲ ਰਿਹਾ ਹੈ, ਜੋ ਰੁਕਣ ਦਾ ਨਾਮ ਨਹੀਂ ਲੈ ਰਿਹਾ।

