
ਚੰਡੀਗੜ੍ਹ/ਬਿਊਰੋ ਨਿਊਜ਼ ; ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਅੱਜ ਚੌਥੇ ਦਿਨ ਵੀ ਵਿਰੋਧੀ ਧਿਰਾਂ ਵਲੋਂ ਹੰਗਾਮਾ ਕੀਤਾ ਗਿਆ ਅਤੇ ਗੈਰਕਾਨੂੰਨੀ ਮਾਈਨਿੰਗ ਦਾ ਮੁੱਦਾ ਗਰਮਾਇਆ ਰਿਹਾ। ਇਸੇ ਦੌਰਾਨ ਭਾਰਤੀ ਜਨਤਾ ਪਾਰਟੀ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਿਚਾਲੇ ਤਿੱਖੀ ਨੋਕ-ਝੋਕ ਵੀ ਹੋਈ। ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਇਲਜ਼ਾਮ ਲਗਾਇਆ ਕਿ ਗੈਰਕਾਨੂੰਨੀ ਮਾਈਨਿੰਗ ਦੇ ਖਿਲਾਫ ਆਵਾਜ਼ ਉਠਾਉਣ ਵਾਲਿਆਂ ਨੂੰ ਆਮ ਆਦਮੀ ਪਾਰਟੀ ਦੇ ਆਗੂ ਧਮਕਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ‘ਜਿਸਦਾ ਖੇਤ, ਉਸਦੀ ਰੇਤ’ ਦੀ ਵਾਸਤਵਿਕ ਸਥਿਤੀ ਜਾਣਨ ਦੇ ਲਈ ਸਰਕਾਰ ਨੂੰ ਮੌਕੇ ’ਤੇ ਪਹੁੰਚ ਕੇ ਨਿਰੀਖਣ ਕਰਨਾ ਚਾਹੀਦਾ ਹੈ। ਅਸ਼ਵਨੀ ਸ਼ਰਮਾ ਨੇ ਬੜਾ ਹੈਰਾਨੀਜਨਕ ਤਨਜ ਕੱਸਦੇ ਹੋਏ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਹਾਲਤ ਅਜਿਹੀ ਹੋ ਗਈ ਹੈ ਕਿ ਜੇਕਰ ਘਰ ਵਿਚ ਧੀ ਪੈਦਾ ਹੁੰਦੀ ਹੈ ਤਾਂ ਉਹ ਕੇਂਦਰ ਸਰਕਾਰ ਨੂੰ ਦੋਸ਼ੀ ਠਹਿਰਾਉਂਦੇ ਹਨ, ਪਰ ਜੇਕਰ ਪੁੱਤਰ ਪੈਦਾ ਹੁੰਦਾ ਹੈ ਤਾਂ ਇਸਦਾ ਸਿਹਰਾ ਖੁਦ ਲੈਂਦੇ ਹਨ। ਇਸੇ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਨੇਤਾ ਅਸ਼ਵਨੀ ਸ਼ਰਮਾ ਨੇ ਅਜਿਹਾ ਬਿਆਨ ਦੇ ਕੇ ਆਪਣੀ ਸੋਚ ਦਾ ਪ੍ਰਗਟਾਵਾ ਕੀਤਾ ਹੈ ਅਤੇ ਉਨ੍ਹਾਂ ਨੂੰ ਇਸ ਬਿਆਨ ਲਈ ਮੁਆਫੀ ਮੰਗਣੀ ਚਾਹੀਦੀ ਹੈ।

