
ਪੰਜਾਬ ਕਾਂਗਰਸ ਦੇ ਕਲੇਸ਼ ਦੌਰਾਨ ਕੈਪਟਨ ਅਮਰਿੰਦਰ ਦੀ ਵਾਪਸੀ ਦੀ ਚਰਚਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿਚ ਚੱਲ ਰਹੇ ਕਲੇਸ਼ ਦਰਮਿਆਨ ਰਾਹੁਲ ਗਾਂਧੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੀ ਪਸੰਦ ਦਾ ਲੀਡਰ ਦੱਸਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਰਾਹੁਲ ਗਾਂਧੀ ਨੇ ਦਿੱਲੀ ਵਿਚ ‘ਜੈਨ-ਜੀ’ ਨਾਲ ਗੱਲਬਾਤ ਕੀਤੀ। ਇਸ ਗੱਲਬਾਤ ਦੌਰਾਨ ਇਕ ਨੌਜਵਾਨ ਨੇ ਉਨ੍ਹਾਂ ਕੋਲੋਂ ਪੁੱਛਿਆ ਕਿ ਭਾਜਪਾ ਵਿਚ ਉਨ੍ਹਾਂ ਦਾ ਮਨਪਸੰਦ ਲੀਡਰ ਕੌਣ ਹੈ। ਇਸਦੇ ਜਵਾਬ ਵਿਚ ਰਾਹੁਲ ਨੇ ਕਿਹਾ ਕਿ ‘ਕੈਪਟਨ ਅਮਰਿੰਦਰ ਸਿੰਘ’। ਰਾਹੁਲ ਨੇ ਕਿਹਾ ਕਿ ਉਹ ਬਹੁਤ ਵਧੀਆ ਸੁਭਾਅ ਦੇ ਮਾਲਕ ਹਨ ਅਤੇ ਫੌਜੀ ਇਤਿਹਾਸ ਦੇ ਮਾਹਰ ਹਨ। ਇਸ ਕਰਕੇ ਮੈਂ ਉਨ੍ਹਾਂ ਨੂੰ ਪਸੰਦ ਕਰਦਾ ਹਾਂ। ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ’ਤੇ ਵੀ ਇਕ ਵੀਡੀਓ ਸ਼ੇਅਰ ਕੀਤੀ ਹੈ। ਜਿਸ ਤੋਂ ਬਾਅਦ ਸਿਆਸੀ ਮਾਹਿਰ ਅਤੇ ਹੋਰ ਬਹੁਤ ਸਾਰੇ ਵਿਅਕਤੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਪਾਰਟੀ ਵਿਚ ਵਾਪਸੀ ਦੀਆਂ ਕਿਆਸਅਰਾਈਆਂ ਲਗਾ ਰਹੇ ਹਨ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਖੁਦ ਵੀ ਇਹ ਗੱਲ ਕਹਿ ਚੁੱਕੇ ਹਨ ਕਿ ਉਹ ਕਾਂਗਰਸ ਪਾਰਟੀ ਨੂੰ ਬਹੁਤ ਮਿਸ ਕਰ ਰਹੇ ਹਨ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵਲੋਂ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ।

