
ਸਦਨ ਦੀ ਕਾਰਵਾਈ ਸੋਮਵਾਰ ਸਵੇਰ ਤੱਕ ਕੀਤੀ ਗਈ ਮੁਲਤਵੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਅੱਜ ਪੰਜਵੇਂ ਦਿਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਦਨ ਦੇ ਬਾਹਰ ਜ਼ੋਰਦਾਰ ਹੰਗਾਮਾ ਦੇਖਣ ਨੂੰ ਮਿਲਿਆ। ਵਿਧਾਨ ਸਭਾ ਦੇ ਬਾਹਰ ਵਿਰੋਧੀ ਧਿਰ ਕਾਂਗਰਸ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਵਿਧਾਇਕਾਂ ਨੇ ਬੇਅਦਬੀ ਮਾਮਲਿਆਂ ਵਿਚ ਇਨਸਾਫ ਦੀ ਮੰਗ ਨੂੰ ਲੈ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ, ਜਦੋਂ ਕਿ ਸਿਫਰ ਕਾਲ ਦੌਰਾਨ ਗੈਰਕਾਨੂੰਨੀ ਮਾਈਨਿੰਗ ਅਤੇ ਅਫਸਰਾਂ ਦੀ ਪਦਉਨਤੀ ਦਾ ਮੁੱਦਾ ਗਰਮਾਇਆ। ਦੂਜੇ ਪਾਸੇ, ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਮੁਲਾਜ਼ਮਾਂ ਦੇ ਡੀ.ਏ., ਪੁਰਾਣੀ ਪੈਨਸ਼ਨ ਸਕੀਮ ਅਤੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਮੁੱਦਾ ਵੀ ਚੁੱਕਿਆ। ਇਸੇ ਦੌਰਾਨ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਪੰਜਾਬ ਸਰਕਾਰ ਵਲੋਂ ਬੋਲਣ ਦੀ ਆਜ਼ਾਦੀ ’ਤੇ ਲਗਾਈ ਪਾਬੰਦੀ ਨੂੰ ਲੈ ਕੇ ਸਰਕਾਰ ਦੀ ਆਲੋਚਨਾ ਕੀਤੀ। ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ ਨੇ ਕੈਲਗਰੀ ਵਿਚ ਪੰਜਾਬੀ ਵਿਦਿਆਰਥੀਆਂ ਨੂੰ ਪੋਸਟ ਗਰੈਜੂਏਸ਼ਨ ਵਰਕ ਪਰਮਿਟ ਦੇਣ ਤੋਂ ਕੀਤੇ ਜਾ ਰਹੇ ਇਨਕਾਰ ਦਾ ਮੁੱਦਾ ਉਠਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਇਸ ਮਾਮਲੇ ’ਤੇ ਕਾਨੂੰਨੀ ਲੜਾਈ ਲੜਨ ਲਈ ਵਿਦਿਆਰਥੀਆਂ ਦੀ ਵਿੱਤੀ ਮੱਦਦ ਵੀ ਕਰੇਗੀ। ਇਸ ਸਭ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਸਵੇਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

