
ਕਿਹਾ : ਪੰਜਾਬ ਨਾਲ ਜੁੜੇ ਵੱਡੇ ਮੁੱਦਿਆਂ ’ਤੇ ਚਰਚਾ ਕਰਨ ਲਈ ਪ੍ਰਧਾਨ ਮੰਤਰੀ ਨਾਲ ਕੀਤੀ ਸੀ ਮੁਲਾਕਾਤ
ਬਠਿੰਡਾ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਤੋਂ ਤਿੰਨ ਦਿਨਾਂ ਬਾਅਦ ਅੱਜ ਅਕਾਲੀ-ਭਾਜਪਾ ਗਠਜੋੜ ਬਾਰੇ ਸਵਾਲਾਂ ਨੂੰ ਨਜ਼ਰਅੰਦਾਜ ਕਰ ਦਿੱਤਾ। ਬਾਦਲ ਨੇ ਕਿਹਾ ਕਿ ਉਹ ਪੰਜਾਬ ਦੇ ਵੱਡੇ ਮੁੱਦਿਆਂ ’ਤੇ ਚਰਚਾ ਕਰਨ ਲਈ ਪ੍ਰਧਾਨ ਮੰਤਰੀ ਨੂੰ ਮਿਲੇ ਸਨ ਅਤੇ ਕੇਂਦਰ ਨੂੰ ਪੰਜਾਬ ਨੂੰ ਬਚਾਉਣ ਦੇ ਤਰੀਕੇ ਲੱਭਣ ਦੀ ਅਪੀਲ ਕੀਤੀ ਸੀ। ਸੁਖਬੀਰ ਨੇ ਕਿਹਾ ਕਿ ਪੰਜਾਬ ਦੇ ਕਈ ਵੱਡੇ ਮੁੱਦੇ ਹਨ, ਜਿਵੇਂ ਕਿ ਪੇਪਰ ਲੀਕ ਹੋ ਰਹੇ ਹਨ ਅਤੇ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਬਹੁਤ ਹੀ ਮਾੜੀ ਹੈ। ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਨ ਗਿਆ ਸੀ ਕਿ ਕਿਸੇ ਤਰ੍ਹਾਂ ਪੰਜਾਬ ਨੂੰ ਬਚਾਇਆ ਜਾਵੇ। ਸੁਖਬੀਰ ਬਾਦਲ ਦਾ ਇਲਜ਼ਾਮ ਸੀ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਕਈ ਮੁੱਦਿਆਂ ਨੂੰ ਲੈ ਕੇ ਜਨਤਕ ਬਹਿਸ ਕਰਨ ਦੀ ਚੁਣੌਤੀ ਵੀ ਦਿੱਤੀ ਹੈ। ਸੁਖਬੀਰ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਸੂਬੇ ਵਿਚ ਸਰਕਾਰ ਬਣਨ ’ਤੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ ਫੈਸਲਿਆਂ ਦੀ ਸਮੀਖਿਆ ਕੀਤੀ ਜਾਵੇਗੀ।
ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਨੇ ਭਾਜਪਾ-ਅਕਾਲੀ ਦਲ ਗਠਜੋੜ ਦੀ ਗੱਲ ਨੂੰ ਨਕਾਰਿਆ
ਕਿਹਾ : ਅਜਿਹੀ ਕੋਈ ਗੱਲ ਹੀ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਵਿਚਾਲੇ ਗਠਜੋੜ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਅਤੇ ਭਾਜਪਾ ਆਗੂ ਨਾਇਬ ਸਿੰਘ ਸੈਣੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿਚ ਅਕਾਲੀ ਦਲ ਨਾਲ ਚੋਣ ਗਠਜੋੜ ਸਬੰਧੀ ਕੋਈ ਗੱਲਬਾਤ ਨਹੀਂ ਹੋਈ ਹੈ। ਜ਼ਿਕਰਯੋਗ ਹੈ ਕਿ ਲੰਘੀ 7 ਅਗਸਤ ਨੂੰ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਨੂੰ ਲੈ ਕੇ ਇਹ ਗੱਲ ਸਾਹਮਣੇ ਆਈ ਸੀ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਇਸ ਗੱਲਬਾਤ ਨੂੰ ਲੈ ਕੇ ਵਿਚੋਲਗੀ ਕਰ ਰਹੇ ਹਨ। ਇਸੇ ਦੌਰਾਨ ਨਾਇਬ ਸਿੰਘ ਸੈਣੀ ਨੇ ਅਜਿਹੀਆਂ ਸਾਰੀਆਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਹੈ। ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਕੋਈ ਵੀ ਮੁਲਾਕਾਤ ਕਰ ਸਕਦਾ ਹੈ ਅਤੇ ਪ੍ਰਧਾਨ ਮੰਤਰੀ 140 ਕਰੋੜ ਦੇਸ਼ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਹਨ। ਇਸ ਸਭ ਦੇ ਦਰਮਿਆਨ ਚਰਚਾ ਹੈ ਕਿ ਪੰਜਾਬ ਚੋਣਾਂ ਦੌਰਾਨ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਹੋ ਸਕਦਾ ਹੈ।

