
ਅਕਾਲੀ ਦਲ-ਭਾਜਪਾ ਗਠਜੋੜ ਦੀਆਂ ਚੱਲ ਰਹੀਆਂ ਚਰਚਾਵਾਂ ’ਤੇ ਲੱਗਾ ਸਵਾਲੀਆ ਨਿਸ਼ਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹੋਈ ਮੁਲਾਕਾਤ ਤੋਂ ਬਾਅਦ ਅਕਾਲੀ ਦਲ-ਭਾਜਪਾ ਵਿਚਾਲੇ ਚੋਣ ਗਠਜੋੜ ਨੂੰ ਲੈ ਕੇ ਚਰਚਾਵਾਂ ਚੱਲ ਰਹੀਆਂ ਹਨ। ਇਸੇ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਵਲੋਂ ਅਗਾਮੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਨ ਦੀ ਪੂਰੀ ਤਿਆਰੀ ਕੀਤੀ ਜਾ ਰਹੀ ਹੈ। ਕੇਵਲ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਅਗਲੀ ਸਰਕਾਰ ਭਾਜਪਾ ਦੀ ਹੀ ਬਣੇਗੀ। ਉਨ੍ਹਾਂ ਨੇ ਪਾਰਟੀ ਵਿਚ ਟਕਸਾਲੀ ਵਰਕਰਾਂ ਦੀ ਨਰਾਜ਼ਗੀ ਬਾਰੇ ਕਿਹਾ ਕਿ ਪਾਰਟੀ ਵਲੋਂ ਸਾਰਿਆਂ ਨੂੰ ਮਨਾ ਲਿਆ ਜਾਵੇਗਾ। ਢਿੱਲੋਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਨੇ ਝਾਰਖੰਡ ’ਚ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਨੂੰ ਲੈ ਕੇ ਚੁੱਪੀ ਧਾਰੀ ਹੋਈ ਹੈ। ਉਨ੍ਹਾਂ ਇਹ ਵੀ ਇਲਜ਼ਾਮ ਲਗਾਇਆ ਕਿ ਇਨ੍ਹਾਂ ਦੋਵੇਂ ਪਾਰਟੀਆਂ ਵਲੋਂ ਭਾਜਪਾ ਸ਼ਾਸਤ ਸੂਬਿਆਂ ਵਿਚ ਜਾਣਬੁੱਝ ਕੇ ਹੰਗਾਮਾ ਕੀਤਾ ਜਾ ਰਿਹਾ ਹੈ।
ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ ’ਚ ਸ਼ਾਮਲ
ਕੇਵਲ ਸਿੰਘ ਢਿੱਲੋਂ ਨੇ ਕੋਟਫੱਤਾ ਦਾ ਪਾਰਟੀ ’ਚ ਕੀਤਾ ਸਵਾਗਤ
ਬਠਿੰਡਾ/ਬਿਊਰੋ ਨਿਊਜ਼
ਬਠਿੰਡਾ ਜ਼ਿਲ੍ਹੇ ’ਚ ਅੱਜ ਉਸ ਸਮੇਂ ਵੱਡਾ ਸਿਆਸੀ ਉਲਟਫੇਰ ਹੋਇਆ, ਜਦੋਂ ਆਮ ਆਦਮੀ ਪਾਰਟੀ ਦੇ ਆਗੂ ਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕਰ ਲਈ। ਕੋਟਫੱਤਾ ਦੇ ਨਾਲ ਵੱਡੀ ਗਿਣਤੀ ਵਿਚ ਸਰਪੰਚ, ਪੰਚ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਵੀ ਭਾਜਪਾ ਦਾ ਪੱਲਾ ਫੜਿਆ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੋਟਫੱਤਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿਚ ਸਵਾਗਤ ਕੀਤਾ ਹੈ। ਜ਼ਿਕਰਯੋਗ ਹੈ ਕਿ ਕੋਟਫੱਤਾ ਸਾਲ 2012 ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ ’ਤੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਵਿਧਾਇਕ ਚੁਣੇ ਗਏ ਸਨ। ਇਸ ਤੋਂ ਬਾਅਦ 2024 ਵਿਚ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਹੁਣ ਆਮ ਆਦਮੀ ਪਾਰਟੀ ਵੀ ਛੱਡ ਕੇ ਦਰਸ਼ਨ ਸਿੰਘ ਕੋਟਫੱਤਾ ਭਾਜਪਾ ਵਿਚ ਸ਼ਾਮਲ ਹੋ ਗਏ। ਇਸ ਤੋਂ ਬਾਅਦ ਸਿਆਸਤ ਵਿਚ ਨਵੀਂ ਚਰਚਾ ਛਿੜ ਗਈ ਹੈ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਦਰਸ਼ਨ ਸਿੰਘ ਕੋਟਫੱਤਾ ਦੇ ਭਾਜਪਾ ਵਿਚ ਆਉਣ ਨਾਲ ਬਠਿੰਡਾ ਦਿਹਾਤੀ ਅਤੇ ਮਾਲਵਾ ਖੇਤਰ ਵਿਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ।

