
ਚੰਡੀਗੜ੍ਹ ’ਚ ਹੋਈ 15 ਕਾਂਗਰਸੀ ਵਿਧਾਇਕਾਂ ਦੀ ਗੁਪਤ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਵਿਚ ਚੱਲ ਰਹੀ ਸਿਆਸੀ ਗੁੱਟਬਾਜ਼ੀ ਦੇ ਚੱਲਦਿਆਂ ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੋਂ ਬਾਅਦ ਪਾਰਟੀ ਵਿਚ ਪ੍ਰਤਾਪ ਸਿੰਘ ਬਾਜਵਾ ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਦੇ 15 ਕਾਂਗਰਸੀ ਵਿਧਾਇਕਾਂ ਨਾਲ ਚੰਡੀਗੜ੍ਹ ਵਿਚ ਇਕ ਗੁਪਤ ਮੀਟਿੰਗ ਕੀਤੀ ਹੈ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ। ਇਸੇ ਦੌਰਾਨ ਇਨ੍ਹਾਂ ਵਿਧਾਇਕਾਂ ਨੇ ਰਾਹੁਲ ਗਾਂਧੀ ਨੂੰ ਚਿੱਠੀ ਵੀ ਲਿਖ ਦਿੱਤੀ ਹੈ। ਇਹ ਸਾਰੇ ਵਿਧਾਇਕ ਪੰਜਾਬ ਕਾਂਗਰਸ ਦੇ ਮੌਜੂਦਾ ਹਾਲਾਤ ਅਤੇ ਆਗੂਆਂ ਵਿਚਾਲੇ ਚੱਲ ਰਹੇ ਵਿਵਾਦ ਨੂੰ ਲੈ ਕੇ ਰਾਹੁਲ ਗਾਂਧੀ ਦੇ ਸਾਹਮਣੇ ਆਪਣੀ ਗੱਲ ਰੱਖਣੀ ਚਾਹੁੰਦੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪ੍ਰਤਾਪ ਸਿੰਘ ਬਾਜਵਾ ਦਿੱਲੀ ਪਹੁੰਚ ਵੀ ਚੁੱਕੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਲ ਬਘੇਲ ਲੰਘੀ 6 ਜੁਲਾਈ ਨੂੰ ਚੰਡੀਗੜ੍ਹ ਪਹੁੰਚੇ ਸਨ ਅਤੇ ਉਨ੍ਹਾਂ ਨੇ ਪ੍ਰਤਾਪ ਸਿੰਘ ਬਾਜਵਾ ਦੀ ਸਰਕਾਰੀ ਰਿਹਾਇਸ਼ ’ਤੇ ਪਹੰੁਚ ਕੇ ਉਨ੍ਹਾਂ ਨਾਲ ਮੀਟਿੰਗ ਵੀ ਕੀਤੀ ਸੀ। ਇਸ ਮੀਟਿੰਗ ਵਿਚ ਰਾਜਾ ਵੜਿੰਗ ਅਤੇ ਚੰਨੀ ਸ਼ਾਮਲ ਨਹੀਂ ਹੋਏ ਸਨ। ਪੰਜਾਬ ਕਾਂਗਰਸ ਵਿਚ ਚੱਲ ਰਹੇ ਕਲੇਸ਼ ਦੇ ਚੱਲਦਿਆਂ ਹੁਣ ਤੀਜਾ ਧੜਾ ਵੀ ਸਾਹਮਣੇ ਆ ਗਿਆ ਹੈ।

