
ਸੀਐਮ ਨੇ ਰਾਜਪਾਲ ਨੂੰ ਦਿੱਤਾ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਦਾ ਭਰੋਸਾ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਬੁੱਧਵਾਰ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਭਗਵੰਤ ਮਾਨ ਨੇ ਰਾਜਪਾਲ ਕੋਲ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦਾ ਮੁੱਦਾ ਚੁੱਕਿਆ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਚੰਡੀਗੜ੍ਹ ’ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਗਤਾਰ ਸਿੰਘ ਹਵਾਰਾ ਦੀ ਮਾਤਾ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਹਨ। ਇਸ ਲਈ ਜਗਤਾਰ ਸਿੰਘ ਹਵਾਰਾ ਨੂੰ ਮਨੁੱਖਤਾ ਦੇ ਆਧਾਰ ਉੱਤੇ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਬਾਰੇ ਰਾਜਪਾਲ ਨੂੰ ਲਿਖਤੀ ਤੌਰ ਉੱਤੇ ਪੱਤਰ ਵੀ ਭੇਜ ਦਿੱਤਾ ਗਿਆ ਹੈ ਅਤੇ ਭਰੋਸਾ ਵੀ ਦਿਵਾਇਆ ਗਿਆ ਹੈ ਕਿ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੌਰਾਨ ਕਿਸੇ ਕਿਸਮ ਦੀ ਅਮਨ ਅਤੇ ਕਾਨੂੰਨ ਦੀ ਸਥਿਤੀ ਵਿੱਚ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਫੈਸਲਾ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਲਿਆ ਜਾਣਾ ਹੈ, ਜਿਨ੍ਹਾਂ ਦੀ ਪ੍ਰਵਾਨਗੀ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

