
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਇਲਾਕੇ ਵਿਚ ਗੁਰਦੁਆਰਾ ਸਾਹਿਬ, ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਹਮਲਾ ਹੋਇਆ ਹੈ। ਇਸ ਹਮਲੇ ਨੇ ਇਕ ਵਾਰ ਫਿਰ ਧਾਰਮਿਕ ਅਤੇ ਸਿਆਸੀ ਗਲਿਆਰਿਆਂ ਵਿਚ ਸਨਸਨੀ ਫੈਲਾ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੁਖਬੀਰ ਬਾਦਲ ਦੇ ਹੱਥ ’ਤੇ ਸੱਟ ਲੱਗੀ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸੁਖਬੀਰ ਬਾਦਲ ਦੇ ਨਾਲ ਮੌਜੂਦ ਇਕ ਸੁਰੱਖਿਆ ਕਰਮਚਾਰੀ ਵੀ ਜ਼ਖ਼ਮੀ ਹੋਇਆ ਹੈ। ਇਹ ਘਟਨਾ ਅੱਜ ਦੁਪਹਿਰ ਵੇਲੇ ਵਾਪਰੀ, ਜਦੋਂ ਸੁਖਬੀਰ ਸਿੰਘ ਬਾਦਲ ਆਪਣੇ ਸਮਰਥਕਾਂ ਅਤੇ ਸੁਰੱਖਿਆ ਕਰਮਚਾਰੀਆਂ ਨਾਲ ਨਾਂਦੇੜ ਸਾਹਿਬ ਵਿਖੇ ਮਾਤਾ ਸਾਹਿਬ ਦੇਵਾਂ ਜੀ, ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਗਏ ਸਨ। ਇਹ ਗੁਰਦੁਆਰਾ ਸਾਹਿਬ ਸ਼ਹਿਰ ਦੇ ਬਾਹਰਲੇ ਪਾਸੇ ਹੈ, ਜਿੱਥੇ ਸੁਖਬੀਰ ਸਿੰਘ ਬਾਦਲ ਦੇ ਨੇੜੇ ਇਕ ਨਿਹੰਗ ਸਿੰਘ ਆਇਆ, ਉਸ ਨੇ ਬਾਦਲ ’ਤੇ ਤੇਜ਼ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਨਿਹੰਗ ਸਿੰਘ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ 4 ਦਸੰਬਰ 2024 ਨੂੰ ਵੀ ਅੰਮਿ੍ਰਤਸਰ ’ਚ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ‘ਸੇਵਾਦਾਰ’ ਵਜੋਂ ਡਿਊਟੀ ਨਿਭਾ ਰਹੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਹੋ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਮੱਥਾ ਟੇਕਣ ਲਈ ਪਹੁੰਚੇ ਸਨ। ਇਸ ਮੌਕੇ ਬਾਦਲ ਦੇ ਨਾਲ ਉਨ੍ਹਾਂ ਦੀ ਪਤਨੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਸਨ। ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇਸ ਪੂਰੇ ਮਾਮਲੇ ਦੀ ਉਚ ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਖਬੀਰ ਬਾਦਲ ਦਾ ਜਾਣਿਆ ਹਾਲ
ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਹੋ ਰਹੀ ਹੈ ਨਿੰਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਫੋਨ ਕਰਕੇ ਉਨ੍ਹਾਂ ਦਾ ਹਾਲ ਵੀ ਜਾਣਿਆ ਹੈ। ਇਸੇ ਦੌਰਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਰਵਨੀਤ ਸਿੰਘ ਬਿੱਟੂੁ, ਰਾਜਾ ਵੜਿੰਗ ਅਤੇ ਹੋਰ ਬਹੁਤ ਸਾਰੇ ਆਗੂਆਂ ਨੇ ਨਿੰਦਾ ਕੀਤੀ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੇਸ਼ ਦੁਨੀਆ ਤੋਂ ਸਿੱਖ ਸੰਗਤ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਣ ਆਉਂਦੀ ਹੈ, ਜਿੱਥੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਥਾਂ ’ਤੇ ਇਸ ਤਰ੍ਹਾਂ ਦੀ ਘਟਨਾ ਹੋਣਾ ਬਹੁਤ ਹੀ ਮੰਦਭਾਗਾ ਵਰਤਾਰਾ ਹੈ। ਗੜਗੱਜ ਨੇ ਕਿਹਾ ਕਿ ਅਜਿਹੀ ਘਟਨਾ ਨਾਲ ਜਿੱਥੇ ਗੁਰਦੁਆਰਾ ਸਾਹਿਬ ਦੇ ਮਾਣ-ਸਤਿਕਾਰ ਨੂੰ ਠੇਸ ਪੁੱਜਦੀ ਹੈ, ਉਥੇ ਹੀ ਸਮੁੱਚੀ ਸਿੱਖ ਕੌਮ ਦੇ ਅਕਸ ਨੂੰ ਵੀ ਭਾਰੀ ਸੱਟ ਵੱਜਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਦਾ ਸੱਚਾ ਸਿੱਖ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਆਏ ਕਿਸੇ ਵੀ ਸਿੱਖ ਉਤੇ ਹਮਲਾ ਨਹੀਂ ਕਰ ਸਕਦਾ ਅਤੇ ਅਜਿਹਾ ਕਰਨ ਵਾਲਾ ਵਿਅਕਤੀ ਸਿੱਖ ਨਹੀਂ ਹੋ ਸਕਦਾ।

