
27 ਅਗਸਤ ਨੂੰ ਪੰਜਾਬ ਵਿਚ ‘ਮਹਾਂਬੰਦ’ ਦੀ ਚਿਤਾਵਨੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਰਾਜ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫਤਰ ਸਮੇਤ ਦਰਜਨਾਂ ਦਫਤਰਾਂ ਦੇ ਕਰਮਚਾਰੀ ਅੱਜ ਦੂਜੇ ਦਿਨ ਵੀ ਕਲਮਛੋੜ ਹੜਤਾਲ ’ਤੇ ਰਹੇ। ਜਿਸ ਕਰਕੇ ਦਫਤਰਾਂ ਵਿੱਚ ਕੰਮ ਕਰਵਾਉਣ ਆਏ ਲੋਕ ਪਰੇਸ਼ਾਨ ਹੋ ਕੇ ਵਾਪਸ ਮੁੜਨ ਲਈ ਮਜ਼ਬੂਰ ਹੋਏ। ਲੋਕ ਰਜਿਸਟਰੀਆਂ, ਅਸਲਾ, ਪੈਨਸ਼ਨਾਂ, ਅਦਾਲਤੀ ਕੇਸਾਂ ਤੇ ਹੋਰ ਮਾਮਲਿਆਂ ਲਈ ਦਫ਼ਤਰਾਂ ’ਚ ਆ ਰਹੇ ਸਨ, ਪਰ ਅੱਗੋਂ ਖਾਲੀ ਕੁਰਸੀਆਂ ਹੀ ਉਨ੍ਹਾਂ ਦਾ ਸਵਾਗਤ ਕਰਦੀਆਂ ਸਨ। ਹੜਤਾਲ ਬਾਰੇ ਗੱਲਬਾਤ ਕਰਦਿਆਂ ਯੂਨੀਅਨ ਦੇ ਪ੍ਰੈੱਸ ਸਕੱਤਰ ਦੀਪਕ ਕੁਮਾਰ ਨੇ ਦੱਸਿਆ ਕਿ ਮੁਲਾਜ਼ਮਾਂ ਦੀ ਕਲਮਛੋੜ ਹੜਤਾਲ ਦਾ ਅੱਜ ਦੂਜਾ ਦਿਨ ਸੀ। ਉਨ੍ਹਾਂ ਦੱਸਿਆ ਕਿ ਯੂਨੀਅਨ ਦੀ ਮੁੱਖ ਮੰਗ ਹੈ ਕਿ ਹਾਈਕੋਰਟ ਵੱਲੋਂ ਮੁਲਾਜ਼ਮਾਂ ਦੀ ਡੀ.ਏ. ਦੀ ਕਿਸ਼ਤ ਦੇਣ ਦਾ ਜੋ ਫੈਸਲਾ ਕੀਤਾ ਗਿਆ ਹੈ, ਉਸ ਨੂੰ ਪੰਜਾਬ ਸਰਕਾਰ ਲਾਗੂ ਕਰੇ। ਪਰ ਪੰਜਾਬ ਸਰਕਾਰ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ, ਜਿਸ ਕਰਕੇ ਯੂਨੀਅਨ ਨੂੰ ਸੰਘਰਸ਼ ਦਾ ਰਾਹ ਫੜਨਾ ਪਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਨੇ ਮੰਗ ਨਾ ਮੰਨੀ ਤਾਂ 27 ਅਗਸਤ ਨੂੰ ਪੰਜਾਬ ਵਿੱਚ ਪਹਿਲੀ ਵਾਰ ਮਹਾਬੰਦ ਕੀਤਾ ਜਾਵੇਗਾ। ਮਹਾਬੰਦ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ‘ਸਾਂਝਾ ਮੁਲਾਜ਼ਮ ਮੰਚ’ ਅਤੇ ‘ਸਾਂਝੀ ਤਾਲਮੇਲ ਕਮੇਟੀ’ ਵੱਲੋਂ ਇੱਕ ਵੱਡਾ ਸੰਘਰਸ਼ ਉਲੀਕਿਆ ਜਾ ਰਿਹਾ ਹੈ।

