
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਸਰਕਾਰ ਨੂੰ ਦਿੱਤੀ ਸਲਾਹ
ਜਲੰਧਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਭਗਵੰਤ ਮਾਨ ਸਰਕਾਰ ਨੂੰ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਜੇਕਰ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਅਮਲੀ ਜਾਮਾ ਪਹਿਨਾਉਣਾ ਹੈ ਤਾਂ ਸਰਕਾਰ ਸ਼ਰਾਬ ਦੇ ਠੇਕੇ ਬੰਦ ਕਰੇ। ਸੰਤ ਸੀਚੇਵਾਲ ‘ਆਪਣਾ ਪਿੰਡ ਸੰਭਾਲੋ’ ਮੁਹਿੰਮ ਦੇ ਚੱਲਦਿਆਂ ਬਲਾਕ ਲੋਹੀਆਂ ਖਾਸ ਦੇ ਪਿੰਡ ਮਹਿਰਾਜ ਵਾਲਾ ਵਿਖੇ ਵੱਡੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਸੰਤ ਸੀਚੇਵਾਲ ਨੇ ਕਿਹਾ ਕਿ ਹਾਲੇ ਤਾਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦਾ ਯੁੱਧ ਚਿੱਟੇ ਵਿਰੁੱਧ ਹੈ, ਜੇਕਰ ਉਨ੍ਹਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਉਣੀ ਹੈ ਤਾਂ ਉਹ ਪਹਿਲਾਂ ਸ਼ਰਾਬ ਦੇ ਠੇਕੇ ਬੰਦ ਕਰੇ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਅਫੀਮ-ਡੋਡੇ ਤਾਂ ਨਸ਼ੇ ਵਿਚ ਆਉਂਦੇ ਹਨ, ਜੋ ਬੈਨ ਹਨ, ਪਰ ਸਰਕਾਰ ਆਪ ਸ਼ਰਾਬ ਦੇ ਠੇਕੇ ਖੋਲ੍ਹ ਰਹੀ ਹੈ। ਉਨ੍ਹਾਂ ਨੇ ਲਗਾਤਾਰ ਹੋ ਰਹੀਆਂ ਲੁੱਟਾਂ ਖੋਹਾਂ ਅਤੇ ਚੋਰੀਆਂ ਪ੍ਰਤੀ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੀ ਨੁਕਤਾਚੀਨੀ ਵੀ ਕੀਤੀ। ਇਸ ਮੌਕੇ ਹਰ ਪਾਰਟੀ ਦੇ ਨੁਮਾਇੰਦੇ ਹਾਜ਼ਰ ਸਨ।

