
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਪਿਛਲੇ ਦਿਨੀਂ ਦਿੱਲੀ ਦੇ ਜੰਤਰ-ਮੰਤਰ ’ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨਕਾਰੀਆਂ ’ਤੇ ਹੋਏ ਲਾਠੀਚਾਰਜ ਦੇ ਇਲਜ਼ਾਮਾਂ ਦੀ ਜਾਂਚ ਦੇ ਲਈ ਪੰਜ ਮੈਂਬਰੀ ਹਾਈ ਪਾਵਰਡ ਕਮੇਟੀ ਬਣਾਈ ਹੈ। ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਆਰ. ਸੁਭਾਸ਼ ਰੈਡੀ ਨੂੰ ਇਸ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ-ਹਰਿਆਣਾ ਹਾਈਕੋਰਟ ਦੇ ਸਾਬਕਾ ਚੀਫ ਜਸਟਿਸ ਰਵੀ ਸ਼ੰਕਰ ਝਾਅ, ਦਿੱਲੀ ਹਾਈਕੋਰਟ ਦੀ ਸਾਬਕਾ ਜੱਜ ਜਸਟਿਸ ਸ਼ਲਿੰਦਰ ਕੌਰ, ਸੀਬੀਆਈ ਦੇ ਸਾਬਕਾ ਡਾਇਰੈਕਟਰ ਰਿਸ਼ੀ ਕੁਮਾਰ ਸ਼ੁਕਲਾ ਅਤੇ ਮੇਘਾਲਿਆ ਦੇ ਰਿਟਾਇਰਡ ਡੀਜੀਪੀ ਡਾ. ਐਲ.ਆਰ. ਬਿਸ਼ਨੋਈ ਕਮੇਟੀ ਵਿਚ ਸ਼ਾਮਲ ਹਨ। ‘ਕਾਕਰੋਚ ਜਨਤਾ ਪਾਰਟੀ’ ਦੇ ਪ੍ਰਦਰਸ਼ਨ ਦੌਰਾਨ ਇਲਜ਼ਾਮ ਲਗਾਏ ਗਏ ਸਨ ਕਿ ਪੁਲਿਸ ਨੇ ਪੈਲੇਟ ਗੰਨ, ਲਾਠੀਚਾਰਜ ਅਤੇ ਅੱਥਰੂ ਗੈਸ ਦਾ ਜ਼ਰੂਰਤ ਤੋਂ ਜ਼ਿਆਦਾ ਇਸਤੇਮਾਲ ਕੀਤਾ। ਜ਼ਿਕਰਯੋਗ ਹੈ ਕਿ ਲੰਘੀ 20 ਜੁਲਾਈ ਨੂੰ ਕਾਕਰੋਚ ਜਨਤਾ ਪਾਰਟੀ ਦੇ ਸਮਰਥਕਾਂ ਨੇ ਜੰਤਰ ਮੰਤਰ ਤੋਂ ਸੰਸਦ ਤੱਕ ਰੋਸ ਮਾਰਚ ਕੀਤਾ ਸੀ ਅਤੇ ਇਸੇ ਦੌਰਾਨ ਪੁਲਿਸ ਵਲੋਂ ਐਕਸ਼ਨ ਲਿਆ ਗਿਆ ਸੀ।

