
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਕਰਵਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਅਤੇ ਧਾਰਮਿਕ ਸਮਾਗਮਾਂ ’ਤੇ ਕਾਂਗਰਸ ਪਾਰਟੀ ਦੇ ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਸਵਾਲ ਚੁੱਕੇ ਹਨ। ਧਰਮਵੀਰ ਗਾਂਧੀ ਨੇ ਸਰਕਾਰ ਦੇ ਧਾਰਮਿਕ ਸਮਾਗਮਾਂ ਅਤੇ ਯਾਤਰਾਵਾਂ ’ਤੇ ਸਰਕਾਰੀ ਪੈਸੇ ਦੇ ਇਸਤੇਮਾਲ ’ਤੇ ਨਰਾਜ਼ਗੀ ਜ਼ਾਹਰ ਕੀਤੀ ਹੈ। ਧਰਮਵੀਰ ਗਾਂਧੀ ਨੇ ਕਿਹਾ ਕਿ ਸਾਡਾ ਪਰਿਵਾਰ ਦਿਨ-ਰਾਤ ਮਿਹਨਤ ਕਰਕੇ ਇਸ ਲਈ ਟੈਕਸ ਭਰਦਾ ਹੈ ਤਾਂ ਕਿ ਸੂਬੇ ਦੇ ਲੋਕਾਂ ਨੂੰ ਬਿਹਤਰ ਇਲਾਜ, ਸਿੱਖਿਆ, ਰੋਜ਼ਗਾਰ ਅਤੇ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ। ਡਾ. ਗਾਂਧੀ ਨੇ ਕਿਹਾ ਕਿ ਧਰਮ ਕਿਸੇ ਵੀ ਵਿਅਕਤੀ ਦੀ ਨਿੱਜੀ ਆਸਥਾ ਦਾ ਮਾਮਲਾ ਹੈ। ਸੂਬੇ ਵਲੋਂ ਕਿਸੇ ਇਕ ਜਾਂ ਦੂਜੇ ਧਰਮ ਨੂੰ ਕਿਸੇ ਵੀ ਪ੍ਰਕਾਰ ਦੀ ਹੌਸਲਾ-ਅਫਜਾਈ ਜਾਂ ਸਰਪ੍ਰਸਤੀ ਦੇਣਾ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ। ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਸਰਕਾਰੀ ਖਰਚ ’ਤੇ ਸਵਾਲ ਪੁੱਛੇ ਜਾ ਸਕਦੇ ਹਨ, ਪਰ ਲੋਕਾਂ ਦੀ ਆਸਥਾ ਨੂੰ ਮੁਫਤਖੋਰੀ ਜਾਂ ਅਡੰਬਰ ਕਹਿ ਕੇ ਉਸਦਾ ਅਪਮਾਨ ਨਹੀਂ ਕੀਤਾ ਜਾਣਾ ਚਾਹੀਦਾ। ਨੀਲ ਗਰਗ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਧਰਮਵੀਰ ਗਾਂਧੀ ਵਲੋਂ ਦਿੱਤੇ ਗਏ ਬਿਆਨ ਨੂੰ ਲੈ ਕੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

