
27 ਅਗਸਤ ਨੂੰ ਚੰਡੀਗੜ੍ਹ ’ਚ ਜਾਂਚ ਟੀਮ ਸਾਹਮਣੇ ਪੇਸ਼ ਹੋਣ ਲਈ ਕਿਹਾ
ਹੁਸ਼ਿਆਰਪੁਰ/ਬਿਊਰੋ ਨਿਊਜ਼
ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਵਿਜੇ ਸਾਂਪਲਾ ਨੂੰ ਇਕ ਵਾਰ ਫਿਰ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸੰਮਨ ਭੇਜੇ ਹਨ। ਉਨ੍ਹਾਂ ਨੂੰ 27 ਅਗਸਤ ਨੂੰ ਚੰਡੀਗੜ੍ਹ ਵਿਚ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਪਰ ਸਾਂਪਲਾ ਨੇ ਪਾਰਟੀ ਦੀਆਂ ਪਹਿਲਾਂ ਤੋਂ ਹੀ ਨਿਰਧਾਰਿਤ ਬੈਠਕਾਂ ਦਾ ਵੇਰਵਾ ਦੇ ਕੇ ਇਸ ਦਿਨ ਪੇਸ਼ ਹੋਣ ਤੋਂ ਅਸਮਰਥਾ ਪ੍ਰਗਟਾਈ ਹੈ ਅਤੇ ਕੋਈ ਹੋਰ ਤਰੀਕ ਦੇਣ ਲਈ ਆਖਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅੱਜ ਮੰਗਲਵਾਰ ਸਵੇਰੇ ਹੁਸ਼ਿਆਰਪੁਰ ਦੇ ਮਾਡਲ ਟਾਊਨ ਥਾਣੇ ਦੀ ਪੁਲਿਸ ਸਾਂਪਲਾ ਨੂੰ ਐਸ.ਆਈ.ਟੀ. ਦਾ ਨੋਟਿਸ ਦੇਣ ਲਈ ਉਨ੍ਹਾਂ ਦੇ ਘਰ ਪਹੁੰਚੀ। ਇਸੇ ਦੌਰਾਨ ਵਿਜੇ ਸਾਂਪਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਾਣ ਬੁੱਝ ਕੇ ਭਾਜਪਾ ਆਗੂਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਅਤੇ ਫਾਇਰਿੰਗ ਕੇਸਾਂ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ ਹੈ। ਸਾਂਪਲਾ ਨੇ ਕਿਹਾ ਹੈ ਕਿ ਉਹ ਪਹਿਲਾਂ ਵੀ ਮੰਗ ਕਰ ਚੁੱਕੇ ਹਨ ਕਿ ਉਨ੍ਹਾਂ ਨੂੰ ਉਹ ਦਸਤਾਵੇਜ਼ ਸੌਂਪੇ ਜਾਣ, ਜਿਸ ਦੇ ਅਧਾਰ ’ਤੇ ਉਨ੍ਹਾਂ ਨੂੰ ਸੰਮਨ ਕੀਤਾ ਜਾ ਰਿਹਾ ਹੈ, ਪਰ ਅਜੇ ਤੱਕ ਇਹ ਦਸਤਾਵੇਜ਼ ਉਨ੍ਹਾਂ ਨੂੰ ਮੁਹੱਈਆ ਨਹੀਂ ਕਰਵਾਏ ਗਏ। ਸਾਂਪਲਾ ਨੇ ਕਿਹਾ ਕਿ ਵੈਸੇ ਵੀ 27 ਅਗਸਤ ਨੂੰ ਪਾਰਟੀ ਦੇ ਕਈ ਪ੍ਰੋਗਰਾਮ ਹਨ, ਜਿਨ੍ਹਾਂ ਦੇ ਚੱਲਦਿਆਂ ਉਹ ਇਸ ਦਿਨ ਐਸ.ਆਈ.ਟੀ. ਸਾਹਮਣੇ ਪੇਸ਼ ਨਹੀਂ ਹੋ ਸਕਣਗੇ।

