
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਬਿਜਲੀ ਦੇ ਜ਼ਿਆਦਾ ਬਿੱਲ ਅਤੇ 300 ਯੂਨਿਟ ਮੁਫਤ ਬਿਜਲੀ ਦੀ ਸਬਸਿਡੀ ਨਾ ਮਿਲਣ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਰਾਹਤ ਮਿਲੇਗੀ। ਸਰਕਾਰ ਨੇ ਅਜਿਹੇ 63 ਹਜ਼ਾਰ 702 ਖਪਤਕਾਰਾਂ ਦੀ ਪਹਿਚਾਣ ਕੀਤੀ ਹੈ, ਜਿਨ੍ਹਾਂ ਨੂੰ ਸਬਸਿਡੀ ਦਾ ਲਾਭ ਨਹੀਂ ਮਿਲ ਰਿਹਾ ਸੀ। ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ।
ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਨੇ ਦੱਸਿਆ ਕਿ ਮੀਟਰ ਰੀਡਰਾਂ ਦੀ ਹੜਤਾਲ ਦੇ ਦੌਰਾਨ ਇਨ੍ਹਾਂ ਖਪਤਕਾਰਾਂ ਨੂੰ ਔਸਤ ਖਪਤ ਦੇ ਅਧਾਰ ’ਤੇ ਬਿੱਲ ਭੇਜੇ ਗਏ ਸੀ। ਇਸ ਕਰਕੇ ਮਈ ਅਤੇ ਜੂਨ ਦੀ 300 ਯੂਨਿਟ ਤੱਕ ਦੀ ਮੁਫਤ ਬਿਜਲੀ ਦੀ ਸਬਸਿਡੀ ਬਿੱਲ ਵਿਚ ਨਹੀਂ ਜੁੜ ਸਕੀ। ਹੁਣ ਇਨ੍ਹਾਂ ਸਾਰੇ ਖਪਤਕਾਰਾਂ ਦੇ ਬਿਜਲੀ ਬਿੱਲ ਨਵੇਂ ਸਿਰੇ ਤੋਂ ਤਿਆਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਗਲੇ ਤਿੰਨ ਵਰਕਿੰਗ ਦਿਨਾਂ ਵਿਚ ਨਵੇਂ ਬਿੱਲ ਜਾਰੀ ਕਰੇਗੀ ਅਤੇ ਮਈ-ਜੂਨ ਦੀ ਸਬਸਿਡੀ ਦਾ ਲਾਭ ਦੇਵੇਗੀ। ਉਨ੍ਹਾਂ ਦੱਸਿਆ ਕਿ ਬਿਜਲੀ ਦੇ ਜ਼ਿਆਦਾ ਬਿੱਲ ਆਉਣ ਦੀਆਂ ਸ਼ਿਕਾਇਤਾਂ ਦੇ ਲਈ ਸਰਕਾਰ ਵਿਸ਼ੇਸ਼ ਹੈਲਪਲਾਈਨ ਵੀ ਸ਼ੁਰੂ ਕਰੇਗੀ।

