
ਕੰਗ ਨੇ ਆਪਣੀ ਹੀ ਪਾਰਟੀ ਨੂੰ ਕਟਿਹਰੇ ’ਚ ਕੀਤਾ ਖੜ੍ਹਾ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਅੱਜ ਬੁੱਧਵਾਰ ਨੂੰ ‘ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ’ (ਗਮਾਡਾ) ਨੂੰ ਭਿ੍ਰਸ਼ਟਾਚਾਰ ਦਾ ਅੱਡਾ ਕਰਾਰ ਦਿੰਦਿਆਂ ਆਪਣੀ ਹੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਕਟਹਿਰੇ ’ਚ ਖੜ੍ਹਾ ਕਰ ਦਿੱਤਾ ਹੈ। ਪਿਛਲੇ ਦਿਨੀਂ ਮੁਹਾਲੀ ਦੇ ਪਿੰਡ ਸੈਣੀ ਮਾਜਰਾ ਵਿਚ ਗਮਾਡਾ ਅਧਿਕਾਰੀਆਂ ਵਲੋਂ ਕੀਤੀ ਗਈ ਦੁਕਾਨਾਂ ਦੀ ਚੋਣਵੀਂ ਭੰਨ-ਤੋੜ ’ਤੇ ਕੰਗ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਕੰਗ ਨੇ ਨਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਗਮਾਡਾ ਲੁੱਟ ਦਾ ਕੇਂਦਰ ਬਣ ਗਿਆ ਹੈ। ਸੰਸਦ ਮੈਂਬਰ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਦਾ ਇਹ ਸੈਣੀ ਮਾਜਰਾ ਪਿੰਡ ਉਨ੍ਹਾਂ ਦੇ ਲੋਕ ਸਭਾ ਹਲਕੇ ਹਿੱਸਾ ਹੈ। ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਜਦੋਂ ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਨੇ ਅਸਤੀਫਾ ਦੇ ਕੇ ਭਾਰਤੀ ਜਨਤਾ ਪਾਰਟੀ ਜੁਆਇਨ ਕਰ ਲਈ ਸੀ ਤਾਂ ਉਨ੍ਹਾਂ ਨੇ ਪਾਰਟੀ ਦੇ ਟੁੱਟਣ ਲਈ ਅੰਦਰੂਨੀ ਗੱਲਬਾਤ ਦੀ ਘਾਟ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਕੰਗ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਇਸ ਪਾਸੇ ਧਿਆਨ ਖਿੱਚਣਾ ਚਾਹੁੰਦਾ ਹਾਂ ਕਿ ਅਥਾਰਟੀ ਵਿਚ ਭਿ੍ਰਸ਼ਟਾਚਾਰ ਬਹੁਤ ਵਧ ਗਿਆ ਹੈ ਅਤੇ ਸਾਨੂੰ ਭਿ੍ਰਸ਼ਟ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਲੋੜ ਹੈ।

