19.9 C
Toronto
Thursday, August 27, 2026
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹੜਤਾਲ ’ਤੇ ਗਏ ਸਰਕਾਰੀ ਮੁਲਾਜ਼ਮਾਂ ਨੂੰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹੜਤਾਲ ’ਤੇ ਗਏ ਸਰਕਾਰੀ ਮੁਲਾਜ਼ਮਾਂ ਨੂੰ ਸਖਤ ਸੁਨੇਹਾ  

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹੜਤਾਲ ’ਤੇ ਗਏ ਸਰਕਾਰੀ ਮੁਲਾਜ਼ਮਾਂ ਨੂੰ ਸਖਤ ਸੁਨੇਹਾ  
ਕਿਹਾ : ਪਹਿਲਾਂ ਹੜਤਾਲ ਖਤਮ ਕਰੋ, ਫਿਰ ਹੋਵੇਗੀ ਗੱਲਬਾਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੀਰਵਾਰ ਨੂੰ ਪੰਜਾਬ ਭਰ ਵਿਚ ਹੜਤਾਲ ’ਤੇ ਗਏ ਸਰਕਾਰੀ ਮੁਲਾਜ਼ਮਾਂ ਲਈ ਸਖਤ ਰੁਖ ਅਖਤਿਆਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਹੜਤਾਲ ਖਤਮ ਕਰਨ ਤੋਂ ਬਾਅਦ ਹੀ ਗੱਲਬਾਤ ਹੋਵੇਗੀ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਮਾਨ ਨੇ ਆਪਣੇ ਐਕਸ ਅਕਾਊਂਟ ’ਤੇ ਟਵੀਟ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ, ਪਰ ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ। ਸੀਐਮ ਨੇ ਕਿਹਾ ਕਿ ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ, ਜਦੋਂ ਮੁਲਾਜ਼ਮਾਂ ਵਲੋਂ ਹੜਤਾਲ ਖਤਮ ਕੀਤੀ ਜਾਵੇਗੀ। ਉਧਰ ਦੂਜੇ ਪਾਸੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਮੰਚ ਅਤੇ ਫਰੰਟ ਵਲੋਂ ਦਿੱਤੇ ਗਏ ਸੱਦੇ ਮੁਤਾਬਕ ਅੱਜ ਸੂਬੇ ਦੇ ਸਰਕਾਰੀ ਦਫਤਰ ਮੁਕੰਮਲ ਬੰਦ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਦਫਤਰਾਂ ਵਿਚ ਰੋਸ ਰੈਲੀਆਂ ਕੀਤੀਆਂ ਗਈਆਂ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਸਰਕਾਰੀ ਮੁਲਾਜ਼ਮਾਂ ਵਲੋਂ ਡੀ.ਏ. ਦੀ ਮੰਗ ਨੂੰ ਲੈ ਕੇ ਅੱਜ ਸਮੂਹਿਕ ਛੁੱਟੀ ਲੈ ਕੇ ਰੋਸ ਰੈਲੀਆਂ ਵਿਚ ਸ਼ਮੂਲੀਅਤ ਕੀਤੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਜ਼ਮਾਂ ਨਾਲ ਚੰਡੀਗੜ੍ਹ ਵਿਚ ਮੀਟਿੰਗ ਕਰਨੀ ਸੀ ਅਤੇ ਬਾਅਦ ਵਿਚ ਇਸ ਮੀਟਿੰਗ ਦਾ ਸਥਾਨ ਜਲੰਧਰ ਕਰ ਦਿੱਤਾ ਗਿਆ ਸੀ, ਪਰ ਫਿਰ ਵੀ ਮੁਲਾਜ਼ਮਾਂ ਨਾਲ ਇਹ ਮੀਟਿੰਗ ਨਹੀਂ ਕੀਤੀ ਗਈ।

ਸੀਐਮ ਮਾਨ ਨਾਲ ਮੀਟਿੰਗ ਰੱਦ ਹੋਣ ਤੋਂ ਬਾਅਦ ਮੁਲਾਜ਼ਮਾਂ ਦਾ ਪ੍ਰਦਰਸ਼ਨ ਹੰਗਾਮੇ ’ਚ ਬਦਲਿਆ
ਜਲੰਧਰ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਏ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਰਕਾਰੀ ਮੁਲਾਜ਼ਮਾਂ ਨਾਲ ਤੈਅ ਸਮੇਂ ’ਤੇ ਵੀ ਮੀਟਿੰਗ ਨਹੀਂ ਕੀਤੀ। ਇਸ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਅਤੇ ਪੁਲਿਸ ਵਿਚਾਲੇ ਟਕਰਾਅ ਵੀ ਵਧ ਗਿਆ। ਇਹ ਰੋਸ ਪ੍ਰਦਰਸ਼ਨ ਸਰਕਾਰੀ ਮੁਲਾਜ਼ਮਾਂ ਵਲੋਂ ਡੀ.ਏ. ਦੀਆਂ ਲੰਮੇ ਸਮੇਂ ਤੋਂ ਬਕਾਇਆ ਕਿਸ਼ਤਾਂ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਦੀਆਂ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਸਰਕਾਰੀ ਟੀਚਰਜ਼ ਐਂਡ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਨਵਪ੍ਰੀਤ ਸਿੰਘ ਦਾ ਕਹਿਣਾ ਸੀ ਕਿ ਜਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਪ੍ਰਤੀਨਿਧੀਆਂ ਨੂੰ ਸੁਣਨ ਦਾ ਮੌਕਾ ਨਹੀਂ ਦਿੰਦੇ, ਉਦੋਂ ਤੱਕ ਇਹ ਰੋਸ ਪ੍ਰਦਰਸ਼ਨ ਜਾਰੀ ਰਹੇਗਾ। ਜਲੰਧਰ ਵਿਚ ਮੁਲਾਜ਼ਮਾਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਵੀ ਕੀਤੇ ਗਏ ਸਨ। ਮੁੱਖ ਮੰਤਰੀ ਮਾਨ ਦੇ ਰਵੱਈਏ ਤੋਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵਿਚ ਰੋਸ ਵੀ ਪਾਇਆ ਜਾ ਰਿਹਾ ਹੈ।

RELATED ARTICLES
POPULAR POSTS