
ਕਰੀਮਪੁਰੀ ਨੇ ਕਿਹਾ : ਸੂਬੇ ਵਿਚ ਸਾਡਾ ਜਥੇਬੰਦਕ ਢਾਂਚਾ ਮਜ਼ਬੂਤ
ਚੰਡੀਗੜ੍ਹ/ਬਿਊਰੋ ਨਿਊਜ਼
ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਵਲੋਂ ਪੰਜਾਬ ਵਿਚ ਆਪਣੇ ਦਮ ’ਤੇ ਵਿਧਾਨ ਸਭਾ ਚੋਣਾਂ ਲੜਨ ਦੇ ਐਲਾਨ ਤੋਂ ਬਾਅਦ ਪਾਰਟੀ ਨੇ ਦਲਿਤ ਵੋਟ ਬੈਂਕ ਨੂੰ ਇਕਜੁੱਟ ਕਰਕੇ ਚੋਣਾਂ ਲਈ ਤਿਆਰੀ ਖਿੱਚ ਦਿੱਤੀ ਹੈ। ਬਸਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਹੈ ਕਿ ਸੂਬੇ ਵਿਚ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰ ਲਿਆ ਗਿਆ ਹੈ। ਪਾਰਟੀ ਨੇ ਪੰਜਾਬ ਵਿਚ 15 ਮਾਰਚ ਤੋਂ ‘ਪੰਜਾਬ ਸੰਭਾਲੋ ਮੁਹਿੰਮ’ ਸ਼ੁਰੂ ਕੀਤੀ ਸੀ। ਕਰੀਮਪੁਰੀ ਨੇ ਦੱਸਿਆ ਕਿ ਇਸ ਮੁਹਿੰਮ ਰਾਹੀਂ ਪਾਰਟੀ ਵਲੋਂ ਪੰਜਾਬ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਤੱਕ ਪਹੁੰਚ ਕੀਤੀ ਗਈ ਹੈ। ਅਵਤਾਰ ਸਿੰਘ ਕਰੀਮਪੁਰੀ ਨੇ ਆਮ ਆਦਮੀ ਪਾਰਟੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਸ ਪਾਰਟੀ ਨੇ ਪੰਜਾਬ ਵਿਚ ਸੱਤਾ ’ਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਉਸ ਨੇ ਜ਼ਮੀਨੀ ਪੱਧਰ ’ਤੇ ਕੋਈ ਕੰਮ ਨਹੀਂ ਕੀਤਾ। ਕਰੀਮਪੁਰੀ ਨੇ ਪੰਜਾਬ ਵਾਸੀਆਂ ਨਾਲ ਵਾਅਦਾ ਕੀਤਾ ਕਿ ਬਸਪਾ ਵਲੋਂ ਜੋ ਕਿਹਾ ਜਾਵੇਗਾ, ਉਹ ਕਰਕੇ ਵਿਖਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬਸਪਾ ਸੱਚ ਅਤੇ ਲੋਕ ਹਿੱਤ ਦੀ ਸਿਆਸਤ ਕਰਦੀ ਹੈ।

