
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਦੇ ਕਾਂਗਰਸੀ ਆਗੂਆਂ ਨੇ ਅੱਜ ਮੰਗਲਵਾਰ ਨੂੰ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵਿਰੁੱਧ ਹਲਦਵਾਨੀ ‘ਸ਼ੁੱਧੀਕਰਨ’ ਵਿਵਾਦ ਨੂੰ ਲੈ ਕੇ ਦਰਜ ਕੀਤੀ ਗਈ ਐਫ.ਆਈ.ਆਰ. ਦੇ ਖਿਲਾਫ ਚੰਡੀਗੜ੍ਹ ਵਿਚ ਪ੍ਰਦਰਸ਼ਨ ਕੀਤਾ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਾਜ ਕੁਮਾਰ ਵੇਰਕਾ ਸਣੇ ਸੀਨੀਅਰ ਕਾਂਗਰਸੀ ਆਗੂ ਇਸ ਪ੍ਰਦਰਸ਼ਨ ਵਿਚ ਸ਼ਾਮਲ ਹੋਏ। ਇਸ ਦੌਰਾਨ ਕਈ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਇਸਦੇ ਚੱਲਦਿਆਂ ਉਤਰਾਖੰਡ ਦੀ ਹਲਦਵਾਨੀ ਸਿਟੀ ਕੋਤਵਾਲੀ ਪੁਲਿਸ ਨੇ ਰਾਹੁਲ ਗਾਂਧੀ ਵਿਰੁੱਧ ਹਲਦਵਾਨੀ ਵਿਚ ‘ਸ਼ੁੱਧੀਕਰਨ ਰਸਮ’ ਬਾਰੇ ਉਨ੍ਹਾਂ ਦੀਆਂ ਟਿੱਪਣੀਆਂ ਬਾਰੇ ਇਕ ਸ਼ਿਕਾਇਤ ਦੇ ਆਧਾਰ ’ਤੇ ਐਫ.ਆਈ.ਆਰ. ਦਰਜ ਕੀਤੀ ਹੈ। ਜਿਸ ਵਿਚ ਇਲਜ਼ਾਮ ਲਗਾਇਆ ਗਿਆ ਹੈ ਕਿ ਉਨ੍ਹਾਂ ਨੇ ਅਨੁਸੂਚਿਤ ਜਾਤੀ ਨਾਲ ਸਬੰਧਤ ਇਕ ਵਿਅਕਤੀ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

