
ਨਸ਼ਾ ਤਸਕਰਾਂ ਦੀ ਜ਼ਮਾਨਤ ਲੈਣ ਵਾਲਿਆਂ ਦੇ ਨਾਂ ਜਨਤਕ ਬੋਰਡਾਂ ’ਤੇ ਪ੍ਰਦਰਸ਼ਿਤ ਕਰਨ ਦਾ ਦਿੱਤਾ ਸੁਝਾਅ
ਫਰੀਦਕੋਟ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਚ ਇਕ ਜਨਤਕ ਗੱਲਬਾਤ ਦੌਰਾਨ ਮੰਨਿਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਸੂਬੇ ਵਿਚੋਂ ਨਸ਼ੇ ਦੀ ਅਲਾਮਤ ਨੂੰ ਖਤਮ ਕਰਨ ਦੀ ਆਪਣੀ ਗਾਰੰਟੀ ਨੂੰ ਪੂਰਾ ਕਰਨ ’ਚ ਅਸਫਲ ਰਹੀ ਹੈ। ਆਪਣੇ ਵਿਧਾਨ ਸਭਾ ਹਲਕੇ ਵਿਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸੰਧਵਾਂ ਨੇ ਕਿਹਾ ਕਿ ਜਦੋਂ ਕਿ ਸਰਕਾਰ ਨੇ ਆਪਣੇ ਜ਼ਿਆਦਾਤਰ ਚੋਣ ਵਾਅਦੇ ਪੂਰੇ ਕਰ ਦਿੱਤੇ ਹਨ, ਪਰ ਸਿੰਥੈਟਿਕ ਨਸ਼ਿਆਂ ਦਾ ਕੋਹੜ ਅਜੇ ਵੀ ਅਜਿੱਤ ਬਣਿਆ ਹੋਇਆ ਹੈ। ਸਪੀਕਰ ਨੇ ਮੰਨਿਆ ਕਿ ਮੈਨੂੰ ਇਹ ਕਬੂਲ ਕਰਨਾ ਪਵੇਗਾ ਕਿ ਅਸੀਂ ਚਿੱਟੇ ਨੂੰ ਖਤਮ ਕਰਨ ਦੀ ਆਪਣੀ ਗਾਰੰਟੀ ਨੂੰ ਪੂਰਾ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਫਿਰ ਵੀ ਗੈਰ-ਕਾਨੂੰਨੀ ਵਪਾਰ ਵਿਰੁੱਧ ਇਕ ਦਿ੍ਰੜ ਲੜਾਈ ਲੜ ਰਿਹਾ ਹੈ। ਨਸ਼ੇ ਦੀ ਸਪਲਾਈ ਚੇਨ ’ਤੇ ਸ਼ਿਕੰਜਾ ਕੱਸਣ ਲਈ ਸੰਧਵਾਂ ਨੇ ਅਪਰਾਧੀਆਂ ਲਈ ਜ਼ਮਾਨਤ ਨੂੰ ਰੋਕਣ ਲਈ ਇਕ ਮਤੇ ਦਾ ਐਲਾਨ ਵੀ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਪ੍ਰਸ਼ਾਸਨ, ਗਿ੍ਰਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਜ਼ਮਾਨਤ ਜਾਂ ਗਰੰਟੀ ਦੇਣ ਵਾਲੇ ਵਿਅਕਤੀਆਂ ਦੇ ਨਾਂ ਸ਼ਹਿਰ ਦੇ ਪ੍ਰਮੁੱਖ ਚੌਕਾਂ ਵਿਚ ਜਨਤਕ ਬੋਰਡਾਂ ’ਤੇ ਲਗਾਉਣ ਦੀ ਯੋਜਨਾ ਬਣਾ ਰਿਹਾ ਹੈ।

