
ਅਕਾਲੀ ਆਗੂ ਨੇ 5 ਕਰੋੜ ਰੁਪਏ ਰਿਸ਼ਵਤ ਮਾਮਲੇ ’ਚ ਜਾਰੀ ਕੀਤਾ ਸੀ ਆਡੀਓ ਤੇ ਵੀਡੀਓ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਨੋਟਿਸ ਵਿਚ ਇਨ੍ਹਾਂ ਦੋਵੇਂ ਆਗੂਆਂ ਨੂੰ 24 ਘੰਟਿਆਂ ਵਿਚ ਮੁਆਫੀ ਮੰਗਣ ਲਈ ਕਿਹਾ ਗਿਆ ਹੈ। ਨੋਟਿਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਇਨ੍ਹਾਂ ਦੋਵਾਂ ਨੇ ਅਜਿਹਾ ਨਹੀਂ ਕੀਤਾ ਤਾਂ ਉਨ੍ਹਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਪੂਰਾ ਮਾਮਲਾ ਹਾਈਕੋਰਟ ਦੇ ਰਿਟਾਇਰਡ ਜਸਟਿਸ ਰਣਜੀਤ ਸਿੰਘ ਦੇ ਇਲਜ਼ਾਮਾਂ ਨਾਲ ਜੁੜਿਆ ਹੈ। ਜਿਸ ਵਿਚ ਰਣਜੀਤ ਸਿੰਘ ਨੇ ਦਾਅਵਾ ਕੀਤਾ ਸੀ ਕਿ ਡਾ. ਗੁਰਪ੍ਰੀਤ ਕੌਰ ਮਾਨ ਨੇ ਇਕ ਰੇਪ ਕੇਸ ਨੂੰ ਦਬਾਉਣ ਅਤੇ ਇਕ ਕਾਰੋਬਾਰੀ ਦੇ ਖਿਲਾਫ ਮਾਮਲਾ ਰੱਦ ਕਰਾਉਣ ਦੇ ਲਈ ਕਥਿਤ ਤੌਰ ’ਤੇ 5 ਕਰੋੜ ਰੁਪਏ ਦੀ ਮੰਗ ਕੀਤੀ ਸੀ। ਇਸਦੇ ਚੱਲਦਿਆਂ ਲੰਘੀ 2 ਸਤੰਬਰ ਨੂੰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਇਕ ਆਡੀਓ ਤੇ ਵੀਡੀਓ ਪੋਸਟ ਕੀਤਾ ਸੀ। ਮਜੀਠੀਆ ਨੇ ਦਾਅਵਾ ਕੀਤਾ ਸੀ ਕਿ ਇਸ ਵਿਚ ਆਰੋਪੀ ਨਾਲ ਜੁੜੇ ਵਿਚੋਲੀਏ ਅਤੇ ਡਾ. ਗੁਰਪ੍ਰੀਤ ਕੌਰ ਦੇ ਰਿਸ਼ਤੇਦਾਰ ਵਿਚਾਲੇ ਪੈਸਿਆਂ ਦੇ ਲੈਣ-ਦੇਣ ਨਾਲ ਸਬੰਧਤ ਗੱਲਬਾਤ ਹੈ। ਉਧਰ ਦੂਜੇ ਪਾਸੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਮੈਨੂੰ ਸੀਐਮ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵਲੋਂ ਇਕ ਕਾਨੂੰਨੀ ਨੋਟਿਸ ਮਿਲਿਆ ਹੈ ਅਤੇ ਮੈਂ ਇਸ ਨੋਟਿਸ ਦਾ ਕੋਈ ਜਵਾਬ ਨਹੀਂ ਦਿਆਂਗਾ। ਖਹਿਰਾ ਨੇ ਕਿਹਾ ਕਿ ਮੇਰੇ ਖਿਲਾਫ ਜੋ ਵੀ ਕਾਰਵਾਈ ਕਰਨੀ ਹੈ ਕਰ ਲਓ।

