
ਮਨੀ ਲਾਂਡਰਿੰਗ ਦੇ ਮਾਮਲੇ ਵਿਚ ਗੁਰੂਗਰਾਮ ਦੀ ਜੇਲ੍ਹ ’ਚ ਬੰਦ ਹਨ ਸੰਜੀਵ ਅਰੋੜਾ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੋਮਵਾਰ ਨੂੰ ਦਿੱਲੀ ਤੋਂ ਗੁਰੂਗਰਾਮ ਪਹੁੰਚੇ। ਉਨ੍ਹਾਂ ਨੇ ਗੁਰੂਗਰਾਮ ਦੀ ਜੇਲ੍ਹ ਵਿਚ ਬੰਦ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕੀਤੀ ਹੈ। ਇਸ ਤੋਂ ਪਹਿਲਾਂ 23 ਮਈ ਨੂੰ ਵੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੰਜੀਵ ਅਰੋੜਾ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਸੀ। ਜ਼ਿਕਰਯੋਗ ਹੈ ਕਿ ਸੰਜੀਵ ਅਰੋੜਾ ਨੂੰ ਈਡੀ ਨੇ 9 ਮਈ ਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਗਿ੍ਰਫਤਾਰ ਕੀਤਾ ਸੀ ਅਤੇ ਉਸ ਸਮੇਂ ਤੋਂ ਹੀ ਉਹ ਜੇਲ੍ਹ ਵਿਚ ਬੰਦ ਹਨ। ਇਸ ਦੌਰਾਨ ਈਡੀ ਨੇ ਉਨ੍ਹਾਂ ਦੇ ਕਈ ਮਹੱਤਵਪੂਰਨ ਦਸਤਾਵੇਜ਼ ਵੀ ਜ਼ਬਤ ਕਰ ਲਏ ਸਨ। ਸੰਜੀਵ ਅਰੋੜਾ ਚਾਰ ਮਹੀਨਿਆਂ ਤੋਂ ਜੇਲ੍ਹ ਵਿਚ ਬੰਦ ਹਨ, ਇਸਦੇ ਬਾਵਜੂਦ ਵੀ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਅਜੇ ਤੱਕ ਮੰਤਰੀ ਅਹੁਦੇ ਤੋਂ ਨਹੀਂ ਹਟਾਇਆ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਆਗੂ ਲਗਾਤਾਰ ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ’ਤੇ ਕੇਂਦਰੀ ਏਜੰਸੀਆਂ ਦੇ ਦੁਰਉਪਯੋਗ ਦੇ ਇਲਜ਼ਾਮ ਲਗਾ ਰਹੇ ਹਨ।

