
ਚੀਫ ਜਸਟਿਸ ਬੋਲੇ : ਅਦਾਲਤ ਕਾਨੂੰਨ ਦੇ ਮੁਤਾਬਕ ਚੱਲੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਇਆ ਮਾਮਲੇ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅੱਜ ਸੋਮਵਾਰ ਨੂੰ ਸੁਣਵਾਈ ਹੋਈ ਹੈ। ਇਸ ਦੌਰਾਨ ਨਵੇਂ ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਕਿਹਾ ਹੈ ਕਿ ਇਹ ਅਦਾਲਤ ਕਾਨੂੰਨ ਦੇ ਸ਼ਾਸਨ ਦੇ ਅਨੁਸਾਰ ਚਲੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਰਣਨੀਤੀ ਨਾਲ ਇਸ ਸੰਸਥਾ ਨੂੰ ਦਬਾਅ ਵਿਚ ਨਹੀਂ ਲਿਆਂਦਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਸੀਂ ਪੂਰੀ ਤਰ੍ਹਾਂ ਕਾਨੂੰਨ ਦੇ ਅਨੁਸਾਰ ਚੱਲਾਂਗੇ। ਚੀਫ ਜਸਟਿਸ ਨੇ ਕਿਹਾ ਕਿ ਅਸੀਂ ਸੰਵਿਧਾਨ ਦੀ ਸਹੁੰ ਚੁੱਕ ਲਈ ਹੈ ਅਤੇ ਸਾਨੂੰ ਪਤਾ ਹੈ ਕਿ ਇਸਦੀ ਰੱਖਿਆ ਕਿਸ ਤਰ੍ਹਾਂ ਕਰਨੀ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਨਵੀਂ ਪਟੀਸ਼ਨ ਦਾਇਰ ਕਰਕੇ ਇਲਜ਼ਾਮ ਲਗਾਇਆ ਗਿਆ ਸੀ ਕਿ ਹਾਈਕੋਰਟ ਦੇ ਸਪੱਸ਼ਟ ਨਿਰਦੇਸ਼ ਦੇ ਬਾਵਜੂਦ ਪੰਜਾਬ ਸਰਕਾਰ ਨੇ ਅਜੇ ਤੱਕ ਡੀ.ਏ. ਦਾ ਬਕਾਇਆ ਜਾਰੀ ਨਹੀਂ ਕੀਤਾ ਹੈ। ਕਰਮਚਾਰੀਆਂ ਦਾ ਇਹ ਵੀ ਇਲਜ਼ਾਮ ਹੈ ਕਿ ਸਰਕਾਰ ਨੇ ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਰਿਪੋਰਟ ਵੀ ਦਾਖਲ ਨਹੀਂ ਕੀਤੀ ਹੈ।

