
ਪੰਜਾਬ ਕਾਂਗਰਸ ’ਚ ਵੱਡੇ ਬਦਲਾਅ ਦੀ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੀ ਪੰਜਾਬ ਇਕਾਈ ਵਿਚ ਵੱਡੀ ਹਲਚਲ ਦੇਖਣ ਨੂੰ ਮਿਲ ਸਕਦੀ ਹੈ। ਕਾਂਗਰਸ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨੇ ਨਵੀਂ ਦਿੱਲੀ ਵਿਚ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ ਹੈ। ਪਾਇਲਟ ਨੇ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪਾਰਟੀ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਵਾਡਰਾ ਨਾਲ ਵੀ ਅਹਿਮ ਮੀਟਿੰਗ ਕੀਤੀ ਹੈ। ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਪਾਇਲਟ ਦੀ ਗਾਂਧੀ ਪਰਿਵਾਰ ਨਾਲ ਮੁਲਾਕਾਤ ਨੂੰ ਬੇਹੱਦ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਮੀਡੀਆ ਹਲਕਿਆਂ ਵਿਚ ਇਹ ਵੀ ਚਰਚਾ ਚੱਲ ਰਹੀ ਹੈ ਕਿ ਪੰਜਾਬ ਕਾਂਗਰਸ ਵਿਚ ਵੱਡੀ ਪੱਧਰ ’ਤੇ ਬਦਲਾਅ ਹੋ ਸਕਦੇ ਹਨ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ ਸੀ। ਜ਼ਿਕਰਯੋਗ ਹੈ ਕਿ ਲੰਘੀ 5 ਸਤੰਬਰ ਨੂੰ ਕਾਂਗਰਸ ਹਾਈਕਮਾਂਡ ਨੇ ਸੰਗਠਨ ਵਿਚ ਵੱਡੇ ਬਦਲਾਅ ਕਰਦੇ ਹੋਏ ਭੂਪੇਸ਼ ਬਘੇਲ ਦੀ ਜਗ੍ਹਾ ਸਚਿਨ ਨੂੰ ਪੰਜਾਬ ਕਾਂਗਰਸ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤਾ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਵਿਚਾਲੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਖਿੱਚੋਤਾਣ ਚੱਲ ਰਹੀ ਹੈ। ਇਹ ਮਾਮਲਾ ਵੀ ਨਵੇਂ ਇੰਚਾਰਜ ਪਾਇਲਟ ਲਈ ਚੁਣੌਤੀਪੂਰਨ ਰਹੇਗਾ।

